ਪੰਜਾਬ ਦੇ ਵਿੱਤੀ ਸੰਕਟ ਲਈ ਤੁਸੀਂ ਜ਼ਿੰਮੇਵਾਰ ਹੋ, ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਦਿੱਤਾ ਜਵਾਬ

TeamGlobalPunjab
4 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵਿੱਤੀ ਸਥਿਤੀ ‘ਤੇ ਮਨਪ੍ਰੀਤ ਬਾਦਲ ਦਾ ਅਸਤੀਫਾ ਮੰਗਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਨੂੰ ਹਾਸੋਹੀਣਾ ਦੱਸਦਿਆਂ ਆਖਿਆ ਕਿ ਸੂਬੇ ਨੂੰ ਆਰਥਿਕ ਸੰਕਟ ਵਿੱਚ ਧੱਕਣ ਲਈ ਪੂਰੀ ਤਰ੍ਹਾਂ ਅਕਾਲੀ ਜ਼ਿੰਮੇਵਾਰ ਹਨ ਜਿਸ ਨੂੰ ਪੈਰਾਂ ਸਿਰ ਕਰਨ ਲਈ ਉਨ੍ਹਾਂ ਦੀ ਸਰਕਾਰ ਸਖ਼ਤ ਮਿਹਨਤ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ 10 ਸਾਲ ਸੱਤਾ ਸੁਖ ਭੋਗਣ ਵਾਲੇ ਅਕਾਲੀਆਂ ਨੇ ਆਪਣੇ ਨਿੱਜੀ ਮੁਫ਼ਾਦਾਂ ਖਾਤਰ ਸੂਬੇ ਦੀ ਆਰਥਿਕਤਾ ਨੂੰ ਮੂਧੇ-ਮੂੰਹ ਸੁੱਟ ਦਿੱਤਾ ਸੀ। ਮੁੱਖ ਮੰਤਰੀ ਨੇ ਆਪਣੇ ਪਿਛਲੇ ਕਾਰਜਕਾਲ ਨੂੰ ਚੇਤੇ ਕੀਤਾ ਜਦੋਂ ਉਨ੍ਹਾਂ ਦੀ ਸਰਕਾਰ ਨੇ ਮਜ਼ਬੂਤ ਆਰਥਿਕਤਾ ਛੱਡੀ ਸੀ ਪਰ ਅਕਾਲੀ-ਭਾਜਪਾ ਗੱਠਜੋੜ ਨੇ ਆਪਣੀਆਂ ਲੋਕ ਵਿਰੋਧੀ ਅਤੇ ਮਾੜੀਆਂ ਨੀਤੀਆਂ ਨਾਲ ਇਸ ਨੂੰ ਤਬਾਹ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਉਸ ਦੀ ਭਾਈਵਾਲ ਭਾਜਪਾ ਨੇ ਆਪਣੇ ਦਹਾਕਾ ਲੰਮੇ ਸਾਸ਼ਨਕਾਲ ਦੌਰਾਨ ਸੂਬੇ ਦੇ ਖਜ਼ਾਨੇ ਦਾ ਸਾਰਾ ਪੈਸਾ ਬਰਬਾਦ ਕਰ ਦਿੱਤਾ ਅਤੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਹਾਂ-ਪੱਖੀ ਕਦਮ ਨਹੀਂ ਚੁੱਕੇ।

ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਅਕਾਲੀਆਂ ਦੀਆਂ ਨਾਂਹ-ਪੱਖੀ ਨੀਤੀਆਂ ਨੇ ਨਿਵੇਸ਼ਕਾਂ ਦੇ ਜਜ਼ਬਾਤਾਂ ਨੂੰ ਪੂਰੀ ਤਰ੍ਹਾਂ ਮਧੋਲ ਕੇ ਰੱਖ ਦਿੱਤਾ ਜਿਸ ਦੇ ਨਤੀਜੇ ਵਜੋਂ ਉਦਯੋਗ ਅਤੇ ਕਾਰੋਬਾਰੀ ਸੂਬੇ ਤੋਂ ਹਿਜਰਤ ਲਈ ਮਜਬੂਰ ਹੋ ਗਏ ਸਨ। ਇਨ੍ਹਾਂ ਨੀਤੀਆਂ ਕਰਕੇ ਹੀ ਸੂਬੇ ਸਿਰ ਕਰਜ਼ੇ ਦਾ ਬੋਝ ਹੋਰ ਵਧ ਗਿਆ ਅਤੇ ਉਨ੍ਹਾਂ ਦੀ ਸਰਕਾਰ ਇਹ ਕਰਜ਼ਾ ਲਾਹੁਣ ਲਈ ਜਦੋ-ਜਹਿਦ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹੋਰ ਤਾਂ ਹੋਰ, ਸਾਲ 2017 ਵਿਧਾਨ ਸਭਾ ਚੋਣ ਤੋਂ ਮਹਿਜ਼ ਕੁਝ ਮਹੀਨੇ ਪਹਿਲਾਂ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਕੇਂਦਰੀ ਪੂਲ ਲਈ ਅਨਾਜ ਦੀ ਖਰੀਦ ਦੇ ਸਬੰਧ ਵਿੱਚ ਸੂਬੇ ਸਿਰ 31000 ਕਰੋੜ ਰੁਪਏ ਦਾ ਕਰਜ਼ਾ ਹੋਰ ਚੜ੍ਹਾ ਦਿੱਤਾ ਜਿਸ ਨਾਲ ਪੰਜਾਬ ਦਾ ਵਿੱਤੀ ਸੰਕਟ ਗਹਿਰਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਸੂਬੇ ਦੀ ਗੰਭੀਰ ਆਰਥਿਕ ਸਥਿਤੀ ਅਕਾਲੀਆਂ ਪਾਸੋਂ ਵਿਰਾਸਤ ਦੇ ਰੂਪ ਵਿੱਚ ਮਿਲੀ ਹੈ ਅਤੇ ਸੂਬੇ ਨੂੰ ਇਸ ਸੰਕਟ ਵਿੱਚ ਧੱਕਣ ਵਾਲੇ ਅਕਾਲੀ ਹੁਣ ਮਗਰਮੱਛ ਦੇ ਹੂੰਝ ਵਹਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਆਪਣੀਆਂ ਇਨ੍ਹਾਂ ਕਾਰਵਾਈਆਂ ਦੇ ਅਫਸੋਸ ਕਰਨ ਅਤੇ ਇਸ ਲਈ ਲੋਕਾਂ ਤੋਂ ਮੁਆਫੀ ਮੰਗਣ ਦੀ ਬਜਾਏ ਅਕਾਲੀਆਂ ਵੱਲੋਂ ਹੁਣ ਵਿੱਤੀ ਰੌਲੇ-ਘਚੋਲੇ ਦਾ ਦੋਸ਼ ਉਨ੍ਹਾਂ ਦੀ ਸਰਕਾਰ ਅਤੇ ਵਿੱਤ ਮੰਤਰੀ ਦੇ ਸਿਰ ਮੜ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

- Advertisement -

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਮੁੱਚੀ ਸਰਕਾਰ ਖਾਸ ਕਰਕੇ ਵਿੱਤ ਮੰਤਰੀ ਨਿਵੇਸ਼ਕਾਂ ਅਤੇ ਉਦਯੋਗ ਦੇ ਭਰੋਸੇ ਦੀ ਬਹਾਲੀ ਰਾਹੀਂ ਆਰਥਿਕ ਸਥਿਤੀ ਨੂੰ ਮੁੜ ਪੈਰਾਂ-ਸਿਰ ਕਰਨ ਲਈ ਪੂਰੀ ਵਾਹ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਗਏ ਕਦਮ ਸਦਕਾ ਜ਼ਮੀਨੀ ਪੱਧਰ ‘ਤੇ 50,000 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਨਾਲ ਕਿਹਾ ਕਿ ਬਦਕਿਸਮਤੀ ਨਾਲ ਕੇਂਦਰ ਸਰਕਾਰ ਜੀ.ਐਸ.ਟੀ. ਮਾਲੀਏ ਦਾ ਪ੍ਰਬੰਧਨ ਕਰਨ ਅਤੇ ਸੂਬੇ ਨੂੰ ਉਸ ਦਾ ਬਣਦਾ ਹਿੱਸਾ ਸਮੇਂ ਸਿਰ ਦੇਣ ਵਿੱਚ ਨਾਕਾਮ ਰਹੀ ਹੈ ਜਿਸ ਕਰਕੇ ਪੰਜਾਬ ਵਿੱਚ ਅਰਥਚਾਰੇ ਦੀ ਬਹਾਲੀ ਲਈ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਵਿੱਚ ਅੜਿੱਕਾ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕਾਬਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਐਨ.ਡੀ.ਏ. ਸਰਕਾਰ ਵਿੱਚ ਭਾਈਵਾਲ ਵੀ ਹੈ ਅਤੇ ਫਿਰ ਵੀ ਅਕਾਲੀ ਨਿਰਲੱਜਤਾ ਨਾਲ ਸੂਬੇ ਦੀਆਂ ਵਿੱਤੀ ਸਮੱਸਿਆਵਾਂ ਦਾ ਦੋਸ਼ ਮੌਜੂਦਾ ਸਰਕਾਰ ‘ਤੇ ਮੜ੍ਹ ਰਹੇ ਹਨ।

ਮੁੱਖ ਮੰਤਰੀ ਨੇ ਅਕਾਲੀ ਲੀਡਰਸ਼ਿਪ ਨੂੰ ਸੂਬੇ ਦੀ ਆਰਥਿਕਤਾ ਦਾ ਫਿਕਰ ਛੱਡ ਕੇ ਆਪਣੇ ਸਿਆਸੀ ਭਵਿੱਖ ਦਾ ਫਿਕਰ ਕਰਨ ਲਈ ਆਖਿਆ ਕਿਉਂਕਿ ਸੂਬੇ ਦੀ ਵਾਗਡੋਰ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ।

Share this Article
Leave a comment