ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ’ਚ ਫੜ੍ਹੇ ਵਿਅਕਤੀ ਤੋਂ ਸਖ਼ਤੀ ਨਾਲ ਪੁੱਛਗਿੱਛ ਹੋਵੇ-ਐਡਵੋਕੇਟ ਧਾਮੀ

TeamGlobalPunjab
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡੋਵਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਭਿੰਡੀ ਔਲਖ ਪਿੰਡ ਵਿਚ ਫੜ੍ਹੇ ਗਏ ਇਕ ਵਿਅਕਤੀ ਵੱਲੋਂ ਉਸ ਨੂੰ ਪੈਸਿਆਂ ਦਾ ਲਾਲਚ ਦੇ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਇਕਬਾਲ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਕਿਹਾ ਕਿ ਇਸ ਦੀ ਨਿਰਪੱਖ ਤੌਰ ’ਤੇ ਜਾਂਚ ਕੀਤੀ ਜਾਣੀ ਜ਼ਰੂਰੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਸਾਹਮਣੇ ਆਉਣੇ ਬੇਹੱਦ ਚਿੰਤਾਜਨਕ ਹਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਅਜਿਹੇ ਫੜ੍ਹੇ ਗਏ ਵਿਅਕਤੀਆਂ ਤੋਂ ਸਖ਼ਤੀ ਨਾਲ ਪੁਛਗਿੱਛ ਕਰੇ। ਭਿੰਡੀ ਔਲਖ ਪਿੰਡ ਵਿਚ ਫੜ੍ਹਿਆ ਗਿਆ ਵਿਅਕਤੀ ਖੁਦ ਇਕਬਾਲ ਕਰ ਰਿਹਾ ਹੈ ਕਿ ਉਸ ਨੂੰ ਇਕ ਲੱਖ ਰੁਪਏ ਬੇਅਦਬੀ ਦੇ ਬਦਲੇ ਵਿਚ ਮਿਲਣੇ ਸਨ। ਇਹ ਡੂੰਘੀ ਜਾਂਚ ਦਾ ਵਿਸ਼ਾ ਹੈ, ਜਿਸ ਵਿਚ ਅਣਗਹਿਲੀ ਨਹੀਂ ਕੀਤੀ ਜਾਣੀ ਚਾਹੀਦੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਗੱਲ ਸੱਚ ਹੈ ਤਾਂ ਉਹ ਲੋਕ ਸਾਹਮਣੇ ਆਉਣੇ ਚਾਹੀਦੇ ਹਨ, ਜਿਨ੍ਹਾਂ ਨੇ ਇਸ ਵਿਅਕਤੀ ਨੂੰ ਪੈਸੇ ਦੇਣ ਦੀ ਪੇਸ਼ਕਸ਼ ਕੀਤੀ ਸੀ। ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਲਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ।

Share this Article
Leave a comment