ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਮੁੜ ਵਧੇ, ਤਰਨ ਤਾਰਨ ਜ਼ਿਲ੍ਹਾ ਸਭ ਤੋਂ ਅੱਗੇ

Global Team
2 Min Read

ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵੱਲੋਂ ਪੰਜਾਬ ਵਿੱਚ ਸਖ਼ਤੀ ਕੀਤੇ ਜਾਣ ਦੇ ਬਾਵਜੂਦ ਇਸ ਵਾਰ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਮੁੜ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਛੇ ਸਾਲਾਂ ਤੋਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਕਮੀ ਆ ਰਹੀ ਸੀ, ਪਰ ਇਸ ਵਾਰ 24 ਅਕਤੂਬਰ ਤੱਕ ਸੂਬੇ ਵਿੱਚ 574 ਕੇਸ ਸਾਹਮਣੇ ਆ ਚੁੱਕੇ ਹਨ। ਪਿਛਲੇ ਸਾਲ ਇਸੇ ਤਾਰੀਖ਼ ਤੱਕ 561 ਮਾਮਲੇ ਦਰਜ ਹੋਏ ਸਨ।

ਤਰਨ ਤਾਰਨ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਮਾਮਲੇ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਤਰਨ ਤਾਰਨ ਜ਼ਿਲ੍ਹਾ ਸਭ ਤੋਂ ਅੱਗੇ ਹੈ। ਪਿਛਲੇ ਸਾਲ 24 ਅਕਤੂਬਰ ਤੱਕ ਜ਼ਿਲ੍ਹੇ ਵਿੱਚ 175 ਮਾਮਲੇ ਸਾਹਮਣੇ ਆਏ ਸਨ, ਜਦਕਿ ਇਸ ਵਾਰ ਇਹ ਗਿਣਤੀ ਵਧ ਕੇ 270 ਹੋ ਗਈ ਹੈ।

ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰਾਂ ਸਮੇਤ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਹੈ। ਕਮਿਸ਼ਨ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਉੱਤਰੀ ਭਾਰਤ ਵਿੱਚ ਪੰਜਾਬ ਸਭ ਤੋਂ ਅੱਗੇ

ਉੱਤਰੀ ਭਾਰਤ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 1,823 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 574 ਕੇਸ ਪੰਜਾਬ ਵਿੱਚ ਦਰਜ ਕੀਤੇ ਗਏ ਹਨ। ਮੱਧ ਪ੍ਰਦੇਸ਼ 439 ਮਾਮਲਿਆਂ ਨਾਲ ਦੂਜੇ ਨੰਬਰ ’ਤੇ ਹੈ, ਜਦਕਿ ਹਰਿਆਣਾ ਵਿੱਚ ਸਿਰਫ਼ 18 ਕੇਸ ਰਿਪੋਰਟ ਹੋਏ ਹਨ। ਪਿਛਲੇ ਸਾਲ ਇਸੇ ਸਮੇਂ ਤੱਕ ਹਰਿਆਣਾ ਵਿੱਚ 61 ਮਾਮਲੇ ਸਾਹਮਣੇ ਆਏ ਸਨ।

ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਹੁਣ ਤੱਕ 144, ਗੁਰਦਾਸਪੁਰ ਵਿੱਚ 37, ਫ਼ਿਰੋਜ਼ਪੁਰ ਵਿੱਚ 26 ਅਤੇ ਲੁਧਿਆਣਾ ਵਿੱਚ 27 ਮਾਮਲੇ ਦਰਜ ਕੀਤੇ ਗਏ ਹਨ।

113 ਪੁਲੀਸ ਕੇਸ ਦਰਜ, ਤਰਨ ਤਾਰਨ ਵਿੱਚ 23

ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਉਡਣ ਦਸਤੇ ਤਾਇਨਾਤ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਵੀ ਇਸ ਕੰਮ ਲਈ ਸਟਾਫ਼ ਤਾਇਨਾਤ ਕੀਤਾ ਹੋਇਆ ਹੈ।

ਹੁਣ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ 113 ਪੁਲੀਸ ਕੇਸ ਦਰਜ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 23 ਕੇਸ ਇਕੱਲੇ ਤਰਨ ਤਾਰਨ ਜ਼ਿਲ੍ਹੇ ਵਿੱਚ ਦਰਜ ਹੋਏ ਹਨ।

Share This Article
Leave a Comment