ਸੁਖਬੀਰ ਅਤੇ ਮਨਪ੍ਰੀਤ ਬਾਦਲ ਦੀ ਮੁੜ ਬਣੇਗੀ ਜੋੜੀ?

Rajneet Kaur
4 Min Read

ਜਗਤਾਰ ਸਿੰਘ ਸਿੱਧੂ
ਮੈਨੇਜਿੰਗ ਐਡੀਟਰ

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਉਹਨਾਂ ਦੇ ਜੱਦੀ ਪਿੰਡ ਅੰਤਿਮ ਅਰਦਾਸ ਦੇ ਮੌਕੇ ’ਤੇ ਕੌਮੀ ਪੱਧਰ ਦੀਆਂ ਵੱਡੀਆਂ ਹਸਤੀਆਂ ਸਮੇਤ ਪੰਜਾਬ ਦੀਆਂ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਵੀ ਹਾਜ਼ਰੀ ਲਵਾਈ। ਖਾਸਤੌਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋਕਸਭਾ ਸਪੀਕਰ ਓਮ ਬਿਰਲਾ ਵੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਏ। ਭਾਜਪਾ ਦੀ ਪ੍ਰਕਾਸ਼ ਸਿੰਘ ਬਾਦਲ ਨਾਲ ਸਾਂਝ ਦੀ ਝਲਕ ਦਾ ਇਸ ਤੋਂ ਵੀ ਪਤਾ ਲੱਗਦਾ ਹੈ ਕਿ ਬਾਦਲ ਦੇ ਦੇਹਾਂਤ ਮੌਕੇ ਚੰਡੀਗੜ੍ਹ ਵਿਚ ਉਚੇਚੇ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆ ਕੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅੱਜ ਅੰਤਿਮ ਅਰਦਾਸ ਦੇ ਮੌਕੇ ’ਤੇ ਰਾਜਸੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਜਥੇਦਾਰ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਪੁੱਜੇ ਹੋਏ ਸਨ। ਬਾਦਲ ਦੇ ਹਮਾਇਤੀ ਅਤੇ ਸ਼ੁਭਚਿੰਤਕ ਵੀ ਇਸ ਮੌਕੇ ਉਪਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਉਹਨਾਂ ਦੇ ਹਮਾਇਤੀ ਵੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਏ।

ਅਤਿੰਮ ਅਰਦਾਸ ਦੇ ਮੌਕੇ ’ਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਸੰਖੇਪ ਭਾਸ਼ਣ ਵਿਚ ਉਚੇਚੇ ਤੌਰ ’ਤੇ ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਦੀ ਜੋੜੀ ਨੂੰ ਮੁੜ ਇਕੱਠਾ ਹੋਣ ਦੀ ਅਪੀਲ ਕੀਤੀ। ਇਹ ਅਪੀਲ ਇਸ ਕਰਕੇ ਵੀ ਅਹਿਮ ਹੈ ਕਿ ਪ੍ਰੋ. ਚੰਦੂਮਾਜਰਾ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਜਦੋਂ ਸਟੇਜ ਤੋਂ ਬੋਲੇ ਤਾਂ ਉਹਨਾਂ ਨੇ ਭਾਵੁਕ ਅੰਦਾਜ਼ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਲੀਡਰਸ਼ਿਪ ਦੀ ਰੱਜ ਕੇ ਤਰੀਫ਼ ਕੀਤੀ। ਉਹਨਾਂ ਕਿਹਾ ਕਿ ਬਾਦਲ ਦੇ ਤੁਰ ਜਾਣ ਨਾਲ ਪੰਜਾਬ ਅਤੇ ਦੇਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਇਸ ਉਪਰ ਟਿੱਪਣੀ ਕਰਦਿਆਂ ਹੀ ਚੰਦੂਮਾਜਰਾ ਨੇ ਕਿਹਾ ਕਿ ਬਾਦਲ ਨੂੰ ਸੱਚੀ ਸ਼ਰਧਾਂਜਲੀ ਇਹ ਹੀ ਹੈ ਕਿ ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਦੀ ਜੋੜੀ ਇਕੱਠੀ ਹੋਵੇ। ਇਸ ਮਾਮਲੇ ਬਾਰੇ ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਵੱਲ਼ੋਂ ਵੀ ਆਪਣੇ ਤਰੀਕੇ ਨਾਲ ਅਕਾਲੀ ਦਲ ਨੂੰ ਇਕੱਠਾ ਹੋਣ ਦੀ ਗੱਲ ਕੀਤੀ ਗਈ। ਵੱਡਾ ਸਵਾਲ ਇਹ ਪੈਦਾ ਹੁੰਦਾ ਹੈ ਕਿ ਬਹੁਤ ਤਿੱਖੇ ਵਿਰੋਧ ਦੇ ਬਾਵਜੂਦ ਕੀ ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਇਕੱਠੇ ਹੋ ਸਕਦੇ ਹਨ?ਕੀ ਅਕਾਲੀ ਦਲ ਨੂੰ ਛੱਡ ਕੇ ਗਏ ਟਕਸਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਕਹਿਣ ਉਪਰ ਵਾਪਿਸ ਆ ਸਕਦੇ ਹਨ? ਅਸਲ ਵਿਚ ਸੁਖਬੀਰ ਸਿੰਘ ਬਾਦਲ ਦੀ ਪਹੁੰਚ ਤੋਂ ਪਰੇਸ਼ਾਨ ਹੋ ਕੇ ਹੀ ਕਈ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਆਖੀ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਲਿਆ ਜਾਵੇ। ਲੰਮੇਂ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਾਨਵੀ ਕਦਰਾਂ ਕੀਮਤਾਂ ਦੇ ਵੀ ਵਿਰੁੱਧ ਹੈ। ਧਾਮੀ ਦਾ ਕਹਿਣਾ ਹੈ ਕਿ ਕੇਂਦਰ ਨੇ ਇਸ ਮਾਮਲੇ ਬਾਰੇ ਮੁਲਾਕਾਤ ਕਰਨ ਦੀ ਬੇਨਤੀ ਵੀ ਪਰਵਾਨ ਨਹੀਂ ਕੀਤੀ। ਇਸ ਮਾਮਲੇ ਵਿਚ ਅਹਿਮ ਪਹਿਲੂ ਇਹ ਵੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਾਅਦ ਕੇਂਦਰੀ ਮੰਤਰੀ ਅਮਿਤ ਸ਼ਾਹ ਬੋਲੇ ਤਾਂ ਉਹਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਇੱਕ ਲਫ਼ਜ਼ ਤੱਕ ਨਹੀਂ ਕਿਹਾ। ਉੰਝ ਕੇਂਦਰੀ ਗ੍ਰਹਿ ਮੰਤਰੀ ਨੇ ਪ੍ਰਕਾਸ਼ ਸਿੰਘ ਬਾਦਲ ਦੀ ਭਾਈਚਾਰਕ ਸਾਂਝ ਅਤੇ ਹੋਰਾਂ ਖੇਤਰਾਂ ਵਿਚ ਯੋਗਦਾਨ ਦੀ ਖੁਲ੍ਹ ਕੇ ਤਰੀਫ਼ ਕੀਤੀ।

- Advertisement -

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਦਾ ਦਿੱਤਾ ਕਿ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਨੂੰ ਮਜਬੂਤ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਲਈ ਖੇਤਰੀ ਪਾਰਟੀ ਹੀ ਪੰਜਾਬੀਆਂ ਦੇ ਹਿੱਤਾਂ ਦੀ ਵਧੇਰੇ ਚੰਗੀ ਤਰ੍ਹਾਂ ਰਾਖੀ ਕਰ ਸਕਦੀ ਹੈ। ਇਹ ਵੇਖਣਾ ਹੋਵੇਗਾ ਕਿ ਹਾਸ਼ੀਏ ’ਤੇ ਪੁੱਜਿਆ ਅਕਾਲੀ ਦਲ ਆਉਣ ਵਾਲੇ ਸਮੇਂ ਵਿਚ ਕਿਨਾਂ ਕਿ ਮਜ਼ਬੂਤ ਹੁੰਦਾ ਹੈ।

Share this Article
Leave a comment