ਸੁਖਬੀਰ ਬਾਦਲ ਵੱਲੋਂ ਅਕਾਲੀਆਂ ਤੇ ਪੰਜਾਬੀਆਂ ਨੂੰ ਕਿਸਾਨ ਜਥੇਬੰਦੀਆਂ ਦੇ 8 ਦਸੰਬਰ ਦੇ ਭਾਰਤ ਬੰਦ ਦੀ ਦਿਲੋਂ ਹਮਾਇਤ ਕਰਨ ਦੀ ਅਪੀਲ

TeamGlobalPunjab
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਵਰਕਰਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਡਟਵੀਂ ਤੇ ਦਿਲੋਂ ਹਮਾਇਤ ਕਰਨ ਅਤੇ ਉਹਨਾਂ ਕਿਹਾ ਕਿ ਅਕਾਲੀ ਦਲ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਵਿਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਨਸਾਫ ਲਈ ਲੜਾਈ ਹੁਣ ਅੰਨਦਾਤਾ ਦੀ ਕੇਂਦਰ ਸਰਕਾਰ ਖਿਲਾਫ ਲੜਾਈ ਬਣ ਗਈ ਹੈ। ਉਹਨਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਲੋਕ ਅੰਦੋਲਨ ਕੇਂਦਰ ਨੂੰ ਝੁਕਣ ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰੇਗਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਆਪਣਾ ਪੈਰ ਪਿੱੱਛੇ ਖਿੱਚ ਰਹੀ ਹੈ ਅਤੇ ਜਾਣ ਬੁੱਝ ਕੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਬਾਰੇ ਫੈਸਲਾ ਲਟਕਾ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨ ਤਿੰਨ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ ਅਤੇ ਹੁਣ ਪਿਛਲੇ 11 ਦਿਨਾਂ ਤੋਂ ਦਿੱਲੀ ਵਿਚ ਧਰਨਾ ਜਾਰੀ ਹੈ।

ਉਹਨਾਂ ਕਿਹਾ ਕਿ ਬਜ਼ੁਰਗ ਪੁਰਸ਼ਾਂ ਤੇ ਮਹਿਲਾਵਾਂ ਤੋਂ ਇਲਾਵਾ ਛੋਟੇ ਛੋਟੇ ਬੱਚੇ ਵੀ ਸੰਘਰਸ਼ ਵਿਚ ਸ਼ਾਮਲ ਹਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਅੰਨਦਾਤਾ ਦੀ ਆਵਾਜ਼ ਸੁਣਨ ਤੋਂ ਨਾਂਹ ਕਰ ਦਿੰਤੀ ਹੈ ਤੇ ਉਹ ਕੜਾਕੇ ਦੀ ਠੰਢ ਵਿਚ ਖੁੱਲ੍ਹੇ ਅਸਮਾਨ ਥੱਲੇ ਰੱਖਣਾ ਚਾਹੁੰਦੀ ਹੈ।

Share This Article
Leave a Comment