ਜ਼ੀਰਕਪੁਰ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ 5ਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਡੇਰਾਬੱਸੀ ਤੋਂ ਚੋਣਾਂ ਲਈ ਮੌਜੂਦਾ ਵਿਧਾਇਕ ਐੱਨਕੇ ਸ਼ਰਮਾ ਨੂੰ ਹੀ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਨੂੰ ਪਾਰਟੀ ਨੇ ਤੀਜੀ ਵਾਰ ਟਿਕਟ ਦਿੱਤੀ ਹੈ।
ਦੱਸਣਯੋਗ ਹੈ ਕਿ ਸੁਖਬੀਰ ਬਾਦਲ ਵੱਲੋਂ ਪੂਰੇ ਪੰਜਾਬ ‘ਚ ਸੂਬੇ ਦੀ ਕਾਂਗਰਸ ਸਰਕਾਰ ਖਿਲਾਫ ‘ਪੰਜਾਬ ਮੰਗ ਰਿਹਾ ਜਵਾਬ’ ਦੇ ਤਹਿਤ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਤਹਿਤ ਅੱਜ ਸੁਖਬੀਰ ਬਾਦਲ ਜ਼ੀਰਕਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਨ ਪੁੱਜੇ।
ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੂਬ ਜ਼ੁਬਾਨੀ ਹਮਲੇ ਬੋਲੇ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਕੈਪਟਨ ਨੇ ਪੂਰਾ ਨਹੀਂ ਕੀਤਾ। ਜਦਕਿ ਉਨ੍ਹਾਂ ਦਾ ਚਾਰ ਸਾਲ ਦਾ ਕਾਰਜਕਾਲ ਪੂਰਾ ਹੋ ਚੁੱਕਿਆ ਹੈ।