ਸੁਖਬੀਰ ਬਾਦਲ ਦੀ ਵਿਦੇਸ਼ ਯਾਤਰਾ ਦੀ ਅਰਜ਼ੀ ਮਨਜ਼ੂਰ; ਪਰ ਇਸ ਤਰੀਕ ਤੋਂ ਪਹਿਲਾਂ ਵਾਪਿਸ ਪਰਤਣ ਦੇ ਸਖ਼ਤ ਨਿਰਦੇਸ਼!

Global Team
3 Min Read

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ। ਅਦਾਲਤ ਨੇ ਉਨ੍ਹਾਂ ਨੂੰ 7 ਤੋਂ 11 ਜੁਲਾਈ ਤੱਕ ਵਿਦੇਸ਼ ਯਾਤਰਾ ਦੀ ਇਜਾਜ਼ਤ ਦਿੱਤੀ ਹੈ। ਨਾਲ ਹੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਭਾਰਤ ਪਰਤਣਾ ਹੋਵੇਗਾ। ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਨੂੰ ਹੋਵੇਗੀ।

ਸੁਣਵਾਈ ਦੌਰਾਨ ਸੁਖਬੀਰ ਬਾਦਲ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਦੀ ਜਾਨ ਨੂੰ ਖ਼ਤਰਾ ਹੈ ਅਤੇ ਉਨ੍ਹਾਂ ਨੂੰ ਜ਼ੈੱਡ (Z) ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੇ ਉਸ ਦੇਸ਼ ਦਾ ਨਾਂ ਜਨਤਕ ਨਹੀਂ ਕੀਤਾ, ਜਿੱਥੇ ਸੁਖਬੀਰ ਬਾਦਲ ਨੇ ਜਾਣਾ ਹੈ।

ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪੇਸ਼ ਵਕੀਲ ਨੇ ਵਿਦੇਸ਼ ਜਾਣ ਦੀ ਇਜਾਜ਼ਤ ਦਾ ਵਿਰੋਧ ਕੀਤਾ। ਆਰੋਪ ਹੈ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਨੂੰ ਦਬਾਉਣ ਲਈ ਗੈਰ-ਕਾਨੂੰਨੀ ਤਰੀਕੇ ਅਪਣਾਏ ਗਏ ਅਤੇ ਸਿਆਸੀ ਰਸੂਖ਼ ਦੀ ਵਰਤੋਂ ਕਰਕੇ ਕਈ ਸਾਲਾਂ ਤੱਕ ਜਾਂਚ ਨੂੰ ਪ੍ਰਭਾਵਿਤ ਕੀਤਾ ਗਿਆ। ਸਰਕਾਰ ਨੇ ਇਹ ਵੀ ਕਿਹਾ ਕਿ ਵਿਦੇਸ਼ ਯਾਤਰਾ ਦਾ ਕਾਰਨ ਸਪੱਸ਼ਟ ਨਹੀਂ ਦੱਸਿਆ ਗਿਆ ਹੈ, ਇਸ ਲਈ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ । ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸੁਖਬੀਰ ਬਾਦਲ ਦੀ ਵਿਦੇਸ਼ ਯਾਤਰਾ ਦੀ ਅਰਜ਼ੀ ਮਨਜ਼ੂਰ ਕਰ ਲਈ ਅਤੇ ਉਨ੍ਹਾਂ ਨੂੰ 18 ਜੁਲਾਈ ਦੀ ਸੁਣਵਾਈ ਤੋਂ ਪਹਿਲਾਂ ਪਰਤਣ ਦੇ ਨਿਰਦੇਸ਼ ਦਿੱਤੇ।

ਦੱਸ ਦਈਏ ਕਿ ਇਹ ਮਾਮਲਾ 11 ਸਾਲ ਪਹਿਲਾ ਯਾਨੀ ਕਿ 14 ਅਕਤੂਬਰ 2015 ਦਾ ਹੈ। ਇਸ ਘਟਨਾ ਦੌਰਾਨ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਬੇਅਦਬੀ ਕਾਂਡ ਦੇ ਵਿਰੋਧ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਲੋਕ ਪ੍ਰਦਰਸ਼ਨ ਕਰ ਰਹੇ ਸਨ। ਆਰੋਪ ਹੈ ਕਿ ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਫਾਇਰਿੰਗ ਕੀਤੀ ਸੀ। ਫਾਇਰਿੰਗ ਵਿੱਚ ਬਹਿਬਲ ਕਲਾਂ ਦੇ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ, ਜਦੋਂ ਕਿ ਕੋਟਕਪੂਰਾ ਵਿੱਚ ਕਈ ਲੋਕ ਜ਼ਖ਼ਮੀ ਹੋਏ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਇਸ ਮਾਮਲੇ ਦਾ ਟ੍ਰਾਇਲ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਿਹਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment