ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਦੀ ਸੁਣਵਾਈ ਹੋਈ। ਇਸ ਦੌਰਾਨ, ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 30 ਅਪ੍ਰੈਲ ਤੱਕ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ।
ਸੁਖਬੀਰ ਸਿੰਘ ਬਾਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਸੀਬੀਆਈ ਜਾਂ ਐਨਆਈਏ ਤੋਂ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਦੇ ਵਕੀਲ, ਸੀਨੀਅਰ ਐਡਵੋਕੇਟ ਆਰ.ਐਸ. ਚੀਮਾ ਨੇ ਅਦਾਲਤ ਨੂੰ ਦੱਸਿਆ ਕਿ ਮੁੱਖ ਦੋਸ਼ੀ ਨਰਾਇਣ ਸਿੰਘ ਚੌੜਾ, ਜੋ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ, ਇਸ ਕਾਰਨ ਜਾਂਚ ਐਨਆਈਏ ਨੂੰ ਸੌਂਪਣੀ ਚਾਹੀਦੀ ਹੈ।
ਉਨ੍ਹਾਂ ਨੇ ਇਹ ਵੀ ਦਲੀਲ ਦਿੱਤੀ ਕਿ ਪੰਜਾਬ ਪੁਲਿਸ ਦੀ ਜਾਂਚ ਸ਼ੱਕ ਦੇ ਘੇਰੇ ਵਿੱਚ ਹੈ, ਕਿਉਂਕਿ ਅੱਜ ਤੱਕ ਸੁਖਬੀਰ ਬਾਦਲ ਦਾ ਬਿਆਨ ਵੀ ਦਰਜ ਨਹੀਂ ਕੀਤਾ ਗਿਆ। ਹੇਠਲੀ ਅਦਾਲਤ ਵੀ ਪੁਲਿਸ ਦੀ ਜਾਂਚ ‘ਤੇ ਸਵਾਲ ਉਠਾ ਚੁੱਕੀ ਹੈ। ਸਰਕਾਰ ਨੇ ਅਦਾਲਤ ਵਿੱਚ ਹਾਜ਼ਰ ਹੋ ਕੇ ਕਿਹਾ ਕਿ ਉਹ ਅੱਜ ਹੀ ਸੁਖਬੀਰ ਬਾਦਲ ਦਾ ਬਿਆਨ ਦਰਜ ਕਰਨ ਲਈ ਤਿਆਰ ਹੈ।
ਇਹ ਹਮਲਾ 4 ਦਸੰਬਰ 2024 ਨੂੰ ਸਵੇਰੇ 9:30 ਵਜੇ ਹੋਇਆ ਸੀ, ਜਿਸ ਦੀ ਸੀਸੀਟੀਵੀ ਫੁਟੇਜ ਮੌਜੂਦ ਹੈ। ਹਾਲਾਂਕਿ, ਐਫਆਈਆਰ ਦੁਪਹਿਰ 3:56 ਵਜੇ ਇੱਕ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ।
ਸੁਖਬੀਰ ਸਿੰਘ ਬਾਦਲ ਨੇ ਆਪਣੀ ਪਟੀਸ਼ਨ ਵਿੱਚ ਦੱਸਿਆ ਕਿ ਜਾਂਚ ਮੁਕੰਮਲ ਹੋ ਚੁੱਕੀ ਹੈ ਪਰ ਅਜੇ ਤੱਕ ਉਨ੍ਹਾਂ ਦਾ ਬਿਆਨ ਦਰਜ ਨਹੀਂ ਕੀਤਾ ਗਿਆ। ਨਰਾਇਣ ਚੌੜਾ ਨੂੰ ਮਿਲੀ ਜ਼ਮਾਨਤ ‘ਤੇ ਵੀ ਹੇਠਲੀ ਅਦਾਲਤ ਨੇ ਹੈਰਾਨੀ ਜ਼ਾਹਰ ਕੀਤੀ।
ਉਨ੍ਹਾਂ ਦੇ ਮਤਾਬਕ, ਇਹ ਮਾਮਲਾ ਨਿਰਪੱਖ ਜਾਂਚ ਲਈ ਸੀਬੀਆਈ ਜਾਂ ਐਨਆਈਏ ਨੂੰ ਸੌਂਪਿਆ ਜਾਣਾ ਚਾਹੀਦਾ ਹੈ, ਤਾਂ ਜੋ ਸੱਚ ਸਾਹਮਣੇ ਆ ਸਕੇ।