ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਅੱਜ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਸਣੇ ਹੋਰ ਪਾਰਟੀ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਬਲ ਦਾ ਪ੍ਰਯੋਗ ਕਰਦੇ ਹੋਏ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਤੇ ਲਾਠੀਚਾਰਜ ਵੀ ਕੀਤਾ ਗਿਆ।
ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅੱਜ ਵੱਡੀ ਗਿਣਤੀ ‘ਚ ਅਕਾਲੀ ਤੇ ਬਸਪਾ ਵਰਕਰਾਂ ਵੱਲੋਂ ਜਦੋਂ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦਾ ਯਤਨ ਕੀਤਾ ਤਾਂ ਪੁਲਿਸ ਨੇ ਹਲਕਾ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਛੱਡ ਦਿੱਤੀਆਂ ਜਿਸ ਨਾਲ ਦਰਜਨਾਂ ਵਰਕਰ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ।