ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਬਠਿੰਡਾ ਵਿਖੇ ਕਬੱਡੀ ਦੇ ਖ਼ਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਪੰਜਾਬੀਆਂ ਦੀ ਮਾਂ-ਖੇਡ ਕਬੱਡੀ ਦੀ ਸ਼ਾਨ ਮੁੜ ਸਿਖਰਾਂ ‘ਤੇ ਪਹੁੰਚਾਉਣ ਦਾ ਐਲਾਨ ਕੀਤਾ।
ਇਸ ਮੌਕੇ ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ।
ਬਠਿੰਡਾ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਬੱਡੀ ਦੇ ਪੰਜਾਬ ਕੱਪ, ਕਬੱਡੀ ਲੀਗ ਅਤੇ ਵਿਸ਼ਵ ਕੱਪ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਹਰੇਕ ਹਲਕੇ ਵਿਚ ਇਕ ਕਬੱਡੀ ਸਟੇਡੀਅਮ ਬਣਾਉਣ ਦਾ ਐਲਾਨ, ਖਿਡਾਰੀਆਂ ਨੂੰ 25 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਚੋਟੀ ਦੇ ਖਿਡਾਰੀਆਂ ਨੂੰ ਕੋਚ ਵਜੋਂ ਭਰਤੀ ਕੀਤਾ ਜਾਵੇਗਾ।
ਸੁਖਬੀਰ ਬਾਦਲ ਨੇ ਕਬੱਡੀ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਖੇਡਾਂ ਰਾਹੀਂ ਜ਼ਖ਼ਮੀ ਹੋਣ ਵਾਲੇ ਖਿਡਾਰੀਆਂ ਦਾ ਭਵਿੱਖ ਵੀ ਸੁਰੱਖਿਅਤ ਕੀਤਾ ਜਾਵੇਗਾ। ਖਿਡਾਰੀਆਂ ਨੂੰ ਯੋਗਤਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਪੁਰਾਣੇ ਖਿਡਾਰੀਆਂ ਨੂੰ ਵੀ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦਿੱਤਾ ਜਾਵੇ। ਖ਼ਿਡਾਰੀਆਂ ਲਈ ਜੋ ਵੀ ਹੋਰ ਸਹੂਲਤਾਵਾਂ ਹੋਈਆਂ, ਉਹ ਸਭ ਉਨ੍ਹਾਂ ਵਲੋਂ ਦਿੱਤੀਆਂ ਜਾਣਗੀਆਂ।