ਸੁਖਬੀਰ ਬਾਦਲ ਪਾਰਟੀ ਦੀ ਪ੍ਰਧਾਨਗੀ ਤੋਂ ਦੇਣ ਅਸਤੀਫ਼ਾ – ਤ੍ਰਿਪਤ ਰਜਿੰਦਰ ਬਾਜਵਾ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ ਕਿਉਂਕਿੳ ਉਨ੍ਹਾਂ ਦੀ ਪਾਰਟੀ ਕੇਂਦਰ ਦੀ ਮੋਦੀ ਸਰਕਾਰ ‘ਚ ਲੰਬੇ ਸਮੇਂ ਤੋਂ ਭਾਈਵਾਲ ਹੋਣ ਦੇ ਬਾਵਜੂਦ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲੋਂ ਨਾਤਾ ਤੋੜ ਕੇ ਕੌਮੀ ਜਮਹੂਰੀ ਗਠਜੋੜ ਵਿਚੋਂ ਬਾਹਰ ਆਉਣ ਦਾ ਫੈਸਲਾ ਦਰਅਸਲ ਅਕਾਲ਼ੀ ਦਲ ਦਾ ”ਕਬੂਲਨਾਮਾ” ਹੈ ਕਿ ਉਹ ਹੁਣ ਤੱਕ ਮੁਲਕ ਵਿਚ ਹਕੀਕੀ ਫੈਡਰਲ ਢਾਂਚਾ ਲਾਗੂ ਕਰਨ, ਰਾਇਪੇਰੀਅਨ ਸਿਧਾਂਤ ਤੇ ਬੇਸਨ ਸਿਧਾਂਤ ਅਨੁਸਾਰ ਦਰਿਆਈ ਪਾਣੀਆਂ ਦੀ ਵੰਡ ਕਰਨ, ਪੰਜਾਬੀ ਬੋਲਦੇ ਇਲਾਕੇ ਅਤੇ ਚੰਡੀਗੜ੍ਹ ਪੰਜਾਬ ਨੂੰ ਦੇਣ, ਸਵਾਮੀਨਾਥਨ ਰਿਪੋਰਟ ਲਾਗੂ ਕਰ ਕੇ ਕਿਸਾਨਾਂ ਨੂੰ ਖੇਤੀ ਜਿਨਸਾਂ ਦੇ ਲਾਹੇਵੰਦ ਭਾਅ ਦੇਣ ਅਤੇ ਸਜ਼ਾਵਾਂ ਭੁਗਤਣ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਲੜਾਈ ਲੜਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੀ ਮੌਜ਼ੂਦਾ ਲੀਡਰਸ਼ਿਪ ਆਪਣੇ ਨਿੱਜੀ ਹਿੱਤਾਂ ਦੀ ਹੀ ਪੂਰਤੀ ਤੱਕ ਹੀ ਸੀਮਤ ਰਹੀ ਹੈ।

ਪੰਚਾਇਤ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਪੰਜਾਬ ਦੇ ਹਿੱਤਾਂ ਲਈ ਨਹੀਂ ਸਗੋਂ ਸਿਆਸੀ ਮਜ਼ਬੂਰੀ ਕਾਰਨ ਤੋੜਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸਿਆਸੀ ਦੋਗਲੀ ਰਾਜਨੀਤੀ ਜਦੋਂ ਹੁਣ ਖੇਤੀ ਬਿਲਾਂ ਦੇ ਮਾਮਲੇ ਉੱਤੇ ਬਿਲਕੁਲ ਹੀ ਬੇਪਰਦ ਹੋ ਗਈ ਤਾਂ ਇਸ ਉੱਤੇ ਮੁੜ ਪਰਦਾਪੋਸ਼ੀ ਕਰਨ ਲਈ ਹੀ ਅਕਾਲੀ ਦਲ ਦੀ ਮੌਜ਼ੂਦਾ ਲੀਡਰਸ਼ਿਪ ਨੇ ਪਹਿਲਾਂ ਮੋਦੀ ਸਰਕਾਰ ਵਿਚੋਂ ਬਾਹਰ ਆਉਣ ਅਤੇ ਹੁਣ ਭਾਰਤੀ ਜਨਤਾ ਪਾਰਟੀ ਨਾਲੋਂ ਨਾਤਾ ਤੋੜਣ ਦਾ ਫੈਸਲਾ ਲੈ ਕੇ ਲੋਕ ਦਿਖਾਵਾ ਕਰ ਰਹੀ ਹੈ।

Share this Article
Leave a comment