ਹੁਸ਼ਿਆਰਪੁਰ: ਜ਼ਿਲ੍ਹੇ ਦੇ ਹਲਕਾ ਟਾਂਡਾ ਉੜਮੁੜ ਵਿਖੇ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪੁੱਜੇ। ਸੁਖਬੀਰ ਸਿੰਘ ਬਾਦਲ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਜਾ ਕੇ ਜਿੱਥੇ ਆਮ ਲੋਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਲੈ ਕੇ ਗੱਲਬਾਤ ਕੀਤੀ ਗਈ ਉਥੇ ਹੀ ਆਗੂਆਂ ਤੇ ਵਰਕਰਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਇਸ ਮੌਕੇ ਸੁਖਬੀਰ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਕੋਲੋਂ ਪੰਜਾਬ ‘ਚ ਪਿਛਲੇ ਪੰਜ ਸਾਲਾਂ ‘ਚ ਇੱਕ ਪੈਸੇ ਦਾ ਵੀ ਵਿਕਾਸ ਕੰਮ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਪੰਜਾਬ ‘ਚ ਜਿੰਨੇ ਵੀ ਵਿਕਾਸ ਦੇ ਕੰਮ ਕਰਵਾਏ ਗਏ ਹਨ, ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੀ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਕੋਲੋਂ ਤਾਂ ਆਪਣਾ ਮੁੱਖ ਮੰਤਰੀ ਹੀ ਨਿਯੁਕਤ ਨਹੀਂ ਹੋ ਰਿਹਾ ਸੀ ਤੇ ਵਿਕਾਸ ਕੰਮਾਂ ਦੀ ਇਹਨਾਂ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ।