ਚੰਡੀਗੜ੍ਹ: ਪੰਜਾਬ ਅੰਦਰ ਸੱਤਾ ਦਾ ਸੁੱਖ ਭੋਗ ਰਹੀ ਆਮ ਆਦਮੀ ਪਾਰਟੀ ਅਕਸਰ ਹੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹਿੰਦੀ ਹੈ। ਜਿਸ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਕਥਿਤ ਤੌਰ ‘ਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਇਸ ਵੇਲੇ ਸੂਬੇ ਵਿੱਚ ਕੋਈ ਵੀ ਸਰਕਾਰ ਨਹੀਂ ਹੈ।
ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਦਾ ਪੂਰਾ ਧਿਆਨ ਗੁਜਰਾਤ ਚੋਣਾਂ ‘ਤੇ ਲੱਗਾ ਹੋਇਆ ਹੈ, ਜਦਕਿ ਪੰਜਾਬ ‘ਚ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਸੂਬੇ ਵਿੱਚ ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ।
ਅਕਾਲੀ ਦਲ ਦੇ ਮੁਖੀ ਨੇ ਕਿਹਾ, “ਗੈਂਗਸਟਰ ਰਾਜ ਕਰ ਰਹੇ ਹਨ। ਦਿਨ-ਦਿਹਾੜੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਗੈਂਗਸਟਰ ਹਜ਼ਾਰਾਂ ਲੋਕਾਂ ਦੀ ਲੁੱਟ ਕਰ ਰਹੇ ਹਨ ਅਤੇ ਉਨ੍ਹਾਂ ‘ਤੇ ਕੋਈ ਕਾਬੂ ਨਹੀਂ ਹੈ। ਲੋਕ ਬਹੁਤ ਪਰੇਸ਼ਾਨ ਹਨ। ਇੰਝ ਜਾਪਦਾ ਹੈ ਕਿ ਇਸ ਵੇਲੇ ਸੂਬੇ ਵਿੱਚ ਸਰਕਾਰ ਨਹੀਂ ਹੈ।
ਉਨ੍ਹਾਂ ਕਿਹਾ, ”ਅੱਜ ਪੰਜਾਬ ਦੇ ਹਾਲਾਤ ਅਜਿਹੇ ਹਨ ਜਿਵੇਂ ਕਿਸੇ ‘ਅਨਾੜੀ’ ਨੂੰ ਗੱਡੀ ਚਲਾਉਣ ਲਈ ਦਿੱਤੀ ਜਾ ਰਹੀ ਹੋਵੇ। ਅਜਿਹੀ ਸਥਿਤੀ ਵਿੱਚ ਕੋਈ ਹਾਦਸਾ ਵਾਪਰਨਾ ਤੈਅ ਹੈ।