ਪਟਿਆਲਾ: ਜ਼ਹਿਰੀਲੀ ਸ਼ਰਾਬ ਦੇ ਮੁੱਦੇ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਘਨੌਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਇਸ ਧਰਨੇ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਲੋਕ ਡਾਊਨ ਦੌਰਾਨ ਘਨੌਰ ਵਿੱਚ ਇੱਕ ਨਾਜਾਇਜ਼ ਡਿਸਟਿਲਰੀ ਫੜੀ ਗਈ ਸੀ। ਇਸੇ ਮੁੱਦੇ ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਨੂੰ ਲੈ ਕੇ ਅਕਾਲੀ ਦਲ ਅੱਜ ਕੈਪਟਨ ਸਰਕਾਰ ਨੂੰ ਘੇਰਨ ਜਾ ਰਿਹਾ ਹੈ।
ਇਸ ਦੇ ਨਾਲ ਹੀ ਤਰਨਤਾਰਨ, ਅੰਮ੍ਰਿਤਸਰ ਅਤੇ ਬਟਾਲਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਹੋਈਆਂ ਮੌਤਾਂ ਨੂੰ ਵੀ ਅਕਾਲੀ ਦਲ ਇਸ ਡਿਸਟਿਲਰੀ ਨਾਲ ਜੋੜ ਰਿਹਾ ਹੈ। ਅਕਾਲੀ ਦਲ ਦਾ ਕਹਿਣਾ ਹੈ, ਕਿ ਜੇਕਰ ਸਰਕਾਰ ਨੇ ਨਾਜਾਇਜ਼ ਚੱਲ ਰਹੀ ਡਿਸਟਲਰੀ ਮਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਹੁੰਦੀ ਤਾਂ ਤਿੰਨ ਜ਼ਿਲ੍ਹਿਆਂ ਵਿੱਚ ਸ਼ਰਾਬ ਹੱਤਿਆਕਾਂਡ ਨਾ ਹੁੰਦਾ।
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਜਾਂਚ ਅਕਾਲੀ ਦਲ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰ ਰਿਹਾ ਹੈ। ਇਸ ਸਬੰਧੀ ਅਕਾਲੀ ਦਲ ਅਤੇ ਬੀਜੇਪੀ ਨੇ ਸਾਂਝੇ ਤੌਰ ‘ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਵੀ ਦਿੱਤਾ ਸੀ ਅਤੇ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਕਿਉਂਕਿ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਹੀ 121 ਲੋਕਾਂ ਦੀ ਮੌਤ ਹੋਈ ਹੈ। ਮੰਗ ਪੱਤਰ ਦੇਣ ਤੋਂ ਬਾਅਦ ਲਗਾਤਾਰ ਚਾਰ ਦਿਨ ਅਕਾਲੀ ਦਲ ਨੇ ਗਵਰਨਰ ਹਾਊਸ ਤੱਕ ਰੋਸ ਮਾਰਚ ਵੀ ਕੀਤਾ। ਅੱਜ ਘਨੌਰ ਡਿਸਟਿਲਰੀ ਸਾਹਮਣੇ ਕੈਪਟਨ ਸਰਕਾਰ ਖਿਲਾਫ ਅਕਾਲੀ ਦਲ ਰੋਸ ਪ੍ਰਦਰਸ਼ਨ ਕਰਨ ਜਾ ਰਹੀ ਹੈ।