ਚੰਡੀਗੜ੍ਹ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਸੁਖਬੀਰ ਬਾਦਲ ਨੇ ਇਹ ਐਲਾਨ ਅਕਾਲੀ ਦਲ ਦੀ ਹੋਈ ਅਹਿਮ ਮੀਟਿੰਗ ਵਿਚ ਪਾਰਟੀ ਦੇ ਉੱਚ ਅਹੁਦੇਦਾਰਾਂ ਦੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕੀਤਾ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ‘ਚ ਸੁਖਬੀਰ ਸਿੰਘ ਬਾਦਲ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ 6 ਲੋਕ ਸਭ ਹਲਕਿਆਂ ਲਈ ਰਣ ਨੀਤੀ ਤੇ ਵਿਚਾਰ ਕੀਤਾ ਗਿਆ।
ਉੱਥੇ ਹੀ ਦੂਜੇ ਪਾਸੇ ਅਕਾਲੀ ਦਲ ਵੱਲੋਂ ਕਿਸੇ ਵੀ ਉਮੀਦਵਾਰਾਂ ਦੇ ਨਾਮ ਦੇ ਐਲਾਨ ਨੂੰ ਲੈ ਕੇ ਪੁੱਛੇ ਗਏ ਸਵਾਲ ‘ਤੇ ਬਾਦਲ ਨੇ ਕਿਹਾ ਕਿ ਸੰਭਾਵਿਤ ਉਮੀਦਵਾਰਾਂ ਦੇ ਨਾਮ ‘ਤੇ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦਾ ਐਲਾਨ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਨੇ ‘ਪੰਜਾਬ ਬਚਾਓ ਯਾਤਰਾ’ ਤਹਿਤ ਮਾਨਸਾ ਅਤੇ ਬੁਢਲਾਡਾ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਦਿਆਂ ਇਹ ਅਪੀਲ ਕੀਤੀ ਸੀ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਦੇ ਨਾਲ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਰੁੱਧ ਲੜ ਰਹੇ ਹਾਂ ਜਿਨ੍ਹਾਂ ਦਾ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਸੀ, ਸਿਰਫ਼ ਅਕਾਲੀ ਦਲ ਹੀ ਤੁਹਾਡੇ ਹੱਕਾਂ ਦੀ ਰਾਖੀ ਕਰ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲਿਆਂ ਲੜ ਰਿਹਾ ਹੈ ਕਿਉਂਕਿ ਪਾਰਟੀ ਭਾਜਪਾ ਨਾਲ ਗਠਜੋੜ ਨਹੀਂ ਕਰ ਸਕੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।