ਪ੍ਰਧਾਨ ਮੰਤਰੀ ਨੁਕਸਦਾਰ ਵੈਂਟੀਲੇਟਰਾਂ ਦੀ ਖਰੀਦ ਮਾਮਲੇ ਦੀ ਜਾਂਚ ਦੇ ਹੁਕਮ ਦੇਣ : ਸੁਖਬੀਰ ਬਾਦਲ

TeamGlobalPunjab
3 Min Read

ਸ਼੍ਰੋਮਣੀ ਕਮੇਟੀ ਨੂੰ ਕੋਰੋਨਾ ਵੈਕਸੀਨ ਦਰਾਮਦ ਕਰਨ ਦੀ ਆਗਿਆ ਦੇਣ ਦੀ ਕੀਤੀ ਬੇਨਤੀ

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ  ਕਿ ਉਹ ਪੀ.ਐਮ. ਕੇਅਰਜ਼ ਫੰਡ ਤਹਿਤ ਖਰਾਬ ਵੈਂਟੀਲੇਟਰਾਂ ਦੀ ਖਰੀਦ ਦੀ ਜਾਂਚ ਦੇ ਹੁਕਮ ਦੇਣ । ਉਨ੍ਹਾਂ ਕਿਹਾ ਕਿ ਰਿਪੋਰਟਾਂ ਵਿਚ ਸਾਹਮਣੇ ਆਇਆ ਹੈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਨੂੰ ਪੀ ਐਮ‌ ਫੰਡ ਤਹਿਤ ਪ੍ਰਾਪਤ ਹੋਏ 80 ਵਿਚੋਂ 71 ਵੈਂਟੀਲੇਟਰ ਨੁਕਸਦਾਰ ਹਨ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਨੁਕਸਦਾਰ ਤੇ ਮਾੜੀ ਕਵਾਲਟੀ ਦੇ ਵੈਂਟੀਲੇਟਰ ਕੌਮੀ ਸਿਹਤ ਐਮਰਜੰਸੀ ਵੇਲੇ ਸਪਲਾਈ ਕਰਨਾ ਇਕ ਫੌਜਦਾਰੀ ਅਪਰਾਧ ਹੈ। ਇਸ ਲਈ ਜ਼ਿੰਮੇਵਾਰ ਕੰਪਨੀ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।

ਇਸ ਸਾਰੇ ਖਰੀਦ ਆਰਡਰ ਦੀ ਜਾਂਚ ਵੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਹ ਪਤਾ ਲਾਇਆ ਜਾਣਾ ਅਹਿਮੀਅਤ ਰੱਖਦਾ ਹੈ ਕਿ ਕੀ ਨੁਕਸਦਾਰ ਵੈਂਟੀਲੇਟਰ ਜਾਣ ਬੁੱਝ ਕੇ ਖਰੀਦੇ ਗਏ ਕਿਉਂਕਿ ਸਾਰੇ ਮਾਮਲੇ ਵਿਚੋਂ ਵੱਡੇ ਘੁਟਾਲੇ ਦੀ ਬਦਬੂ ਆ ਰਹੀ ਹੈ। ਉਹਨਾਂ ਕਿਹਾ ਕਿ ਕੋਰੋਨਾ ਮਰੀਜ਼ਾਂ ਦੀ ਜਾਨ ਖਤਰੇ ਵਿਚ ਪਾਉਣ ਲਈ ਜ਼ਿੰਮੇਵਾਰ ਲੋਕੀ ਭਾਵੇਂ ਉਹ ਕਿੰਨੇ ਹੀ ਵੱਡੇ ਕਿਉਂ ਨਾ ਹੋਣ, ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

- Advertisement -

ਬਾਦਲ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਪੀ ਐਮ ਕੇਅਰਜ਼ ਤਹਿਤ ਸਾਰੀ ਖਰੀਦ ਦੀ ਪ੍ਰਕਿਰਿਆ ਵੀ ਸਖ਼ਤ ਕੀਤੀ ਜਾਣੀ ਚਾਹੀਦੀ ਹੈ ਜਿਵੇਂ ਕਿ ਕੇਂਦਰ ਸਰਕਾਰ ਨੇ ਆਪਣੇ ਆਰਡਰਾਂ ਵਿਚ ਕੀਤਾ ਹੈ। ਉਹਨਾਂ ਕਿਹਾ ਕਿ ਪੀ ਐਮ ਕੇਅਰਜ਼ ਤਹਿਤ ਖਰੀਦਿਆ ਸਾਰਾ ਮੈਡੀਕਲ ਸਾਜੋ ਸਮਾਨ ਕੌਮਾਂਤਰੀ ਮਿਆਰ ਦਾ ਹੋਣਾ ਚਾਹੀਦਾ ਹੈ ਤੇ ਇਹ ਗਲੋਬਲ ਟੈਂਡਰ ਲਗਾ ਕੇ ਹੀ ਖਰੀਦਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਰੀ ਮੈਡੀਕਲ ਖਰੀਦ ਲਈ ਮਿਆਰ ਦੀਆਂ ਸਖ਼ਤ ਸ਼ਰਤਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਮਰੀਜ਼ਾਂ ਦੀ ਜਾਨ ਕਿਸੇ ਵੀ ਹਾਲਤ ਵਿਚ ਜ਼ੋਖ਼ਮ ਵਿਚ ਨਾ ਪਵੇ।

ਇਕ ਹੋਰ ਬੇਨਤੀ ਕਰਦਿਆਂ ਸੁਖਬੀਰ ਬਾਦਲ ਨੇ ਪੀ.ਐੱਮ. ਦੇ ਧਿਆਨ ਵਿਚ ਲਿਆਂਦਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਲਈ ਕੋਰੋਨਾ ਵੈਕਸੀਨ ਦਰਾਮਦ ਕਰਨ ਦੀ ਆਗਿਆ ਵਾਸਤੇ ਅਪਲਾਈ ਕੀਤਾ ਹੋਇਆ ਹੈ। ਉਹਨਾਂ ਬੇਨਤੀ ਕੀਤੀ ਕਿ ਕੇਂਦਰ ਸਰਕਾਰ ਇਸ ਮਨੁੱਖੀ ਕਾਰਜ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਵੈਕਸੀਨ ਦਰਾਮਦ ਕਰਨ ਦੀ ਆਗਿਆ ਪ੍ਰਦਾਨ ਕਰੇ।

Share this Article
Leave a comment