ਸੁਖਬੀਰ ਬਾਦਲ ਦਾ ਵੱਡਾ ਐਲਾਨ, ਅਕਾਲੀ-ਬਸਪਾ ਗਠਜੋੜ ਵੱਲੋਂ ਅਕਾਲੀ ਦਲ ਦਾ ਹੋਵੇਗਾ ਉਮੀਦਵਾਰ

Rajneet Kaur
2 Min Read

ਚੰਡੀਗੜ੍ਹ: ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਤਿਆਰੀਆਂ ਵਿੱਚ ਲੱਗੀਆਂ ਹੋਈਆਂ ਹਨ। ਜਿਥੇ ਇਸ ਜ਼ਿਮਨੀ ਚੋਣ ਦੇ ਲਈ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ  ਹੈ। ਉਥੇ ਹੀ  ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਵੀ ਵੱਡਾ ਐਲਾਨ ਕੀਤਾ ਹੈ । ਇਸ ਵਾਰ ਦੀਆਂ ਜ਼ਿਮਨੀ ਚੋਣਾਂ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਲੜੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ  ਪ੍ਰੈੱਸ ਕਲੱਬ ਵਿਖੇ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆ ਦੀ ਲੀਡਰਸ਼ਿਪ ਨੇ ਆਪਣੇ-ਆਪਣੇ ਕੈਡਰ ਦੀ ਸਲਾਹ ਨਾਲ ਇਹ ਫੈਸਲਾ ਕੀਤਾ ਹੈ ਕਿ ਇਸ ਜ਼ਿਮਨੀ ਚੋਣ ਲਈ ਅਕਾਲੀ ਦਲ ਦਾ ਉਮੀਦਵਾਰ ਖੜ੍ਹਾ ਕੀਤਾ ਜਾਵੇ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਆਪਣਾ ਕਿਲ੍ਹਾ ਬਣਾ ਲਿਆ ਹੈ ਬਸ ਕੁਛ ਦਿਨਾਂ ਦੀ ਗੱਲ ਹੈ ਮੈਦਾਨ ਅਸੀਂ ਹੀ ਫਤਹਿ ਕਰਾਂਗੇ।

ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਕਣਕ ਦੇ ਹੋਏ ਨੁਕਸਾਨ ਦੇ ਲਈ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਦਿੱਤੇ ਗਏ ਨਿਰਦੇਸ਼ਾਂ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਹੀ ਮੁਆਵਜ਼ਾ ਨਹੀਂ ਮਿਲੇਗਾ।

ਦਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ ।  ਇਸ ਸੀਟ ‘ਤੇ 10 ਮਈ ਨੂੰ ਵੋਟਾਂ ਹੋਣੀਆਂ ਹਨ। ਨਤੀਜੇ 13 ਮਈ ਨੂੰ ਆਉਣਗੇ। 20 ਅਪ੍ਰੈਲ ਨੂੰ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ ਹੈ। ਹੁਣ ਇਹ ਦੇਖਣਾ ਹੋਵੇਗਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਕਾਂਗਰਸ,ਆਮ ਆਦਮੀ ਪਾਰਟੀ ਜਾਂ ਅਕਾਲੀ-ਬਸਪਾ ਗੱਠਜੋੜ ਵਿੱਚੋਂ ਕੌਣ ਬਾਜ਼ੀ ਮਾਰਦਾ ਹੈ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment