ਅੰਮ੍ਰਿਤਸਰ : ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ *ਚ ਅੱਜ ਗੁ.ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸਿੱਖ ਮਸਲਿਆਂ ਦੇ ਵਿੱਚ ਦਖਲ ਅੰਦਾਜੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਬਾਦਲ ਅਨੁਸਾਰ ਕੇਂਦਰ ਵੱਲੋਂ ਸਭ ਤੋਂ ਵੱਡਾ ਹਮਲਾ ਸਿੱਖ ਕੌਮ ਦੀ ਨੁਮਾਇੰਦਾ ਜਮਾਤ ਸ਼ੋ੍ਰਮਣੀ ਗੁ. ਪ੍ਰ. ਕਮੇਟੀ *ਤੇ ਕੀਤਾ ਗਿਆ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁ. ਕਮੇਟੀ ਦੇ ਹੱਕ *ਚ ਭੁਗਤਦਿਆਂ ਸ਼੍ਰੋਮਣੀ ਕਮੇਟੀ ਦੇ ਖਿਲਾਫ ਫੈਸਲਾ ਸੁਣਾਇਆ ਸੀ। ਜਿਸ ਨੂੰ ਲੈ ਕੇ ਲਗਾਤਾਰ ਵਿਰੋਧ ਹੋ ਰਿਹਾ ਹੈ। ਇਸ ਬਾਰੇ ਬੋਲਦਿਆਂ ਬਾਦਲ ਨੇ ਇਸ ਸੰਸਥਾ ਨੂੰ ਤੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਸੰਘਰਸ਼ ਕਰਨਾ ਚਾਹੀਦਾ ਹੈ ਕਿਉਂਕਿ ਸਿੱਖ ਨੂੰ ਤਾਕਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਪੰਥ ਨੂੰ ਤੋੜਨ ਦੀ ਸਾਜ਼ਿਸ਼ ਹੈ।
ਇਸ ਮੌਕੇ ਬੀਬੀ ਜਗੀਰ ਕੌਰ ਦੇ ਖਿਲਾਫ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਕੋਈ ਲਿਫਾਫਾ ਕਲਚਰ ਨਹੀਂ ਹੈ ਬਲਕਿ ਇੱਕ ਨਾਮ ਪੇਸ਼ ਕੀਤਾ ਜਾਂਦਾ ਹੈ । ਜਿਸ ਤੋਂ ਬਾਅਦ ਬਕਾਇਦਾ ਤੌਰ ਤੇ ਇਜਲਾਸ ਦੌਰਾਨ ਮੋਹਰ ਲਗਦੀ ਹੈ। ਜਿਸ ਤੋਂ ਬਾਅਦ ਵੋਟਾਂ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ।