ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ ਅੱਠਵਾਂ ਦਿਨ ਹੈ। ਜਿਸ ਦੇ ਲਈ ਉਹ ਅੱਜ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਦੇ ਹਨ। ਸੁਖਬੀਰ ਬਾਦਲ ਨੇ ਸਵੇਰੇ 9 ਵਜੇ ਤੋਂ 10 ਵਜੇ ਤੱਕ ਪਹਿਰੇਦਾਰ ਦੀ ਸੇਵਾ ਨਿਭਾਈ। ਇਸ ਉਪਰੰਤ ਉਹ ਕੀਰਤਨ ਸਵਰਣ ਕਰਨ ਦੇ ਲਈ ਪਹੁੰਚੇ।
ਓਧਰ ਬਿਕਰਮ ਸਿੰਘ ਮਜੀਠੀਆ ਨੇ ਡੀਜੀਪੀ ਗੌਰਵ ਯਾਦਵ ਨੂੰ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਜਾਂਚ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਤੋਂ ਵਾਪਸ ਲੈਣ ਦੀ ਮੰਗ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਡੀਜੀਪੀ ਨੂੰ ਜਾਂਚ ਖੁਦ ਜਾਂ ਵਿਸ਼ੇਸ਼ ਡੀਜੀਪੀ ਪ੍ਰਬੋਧ ਕੁਮਾਰ ਨੂੰ ਸੌਂਪਣੀ ਚਾਹੀਦੀ ਹੈ।
ਮਜੀਠੀਆ ਨੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਆਈਪੀਐਸ ਪ੍ਰਬੋਧ ਕੁਮਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ ਨਿਰਪੱਖ ਰਿਪੋਰਟ ਨੂੰ ਧਿਆਨ ਵਿੱਚ ਰੱਖਦਿਆਂ ਇਹ ਜਾਂਚ ਵੀ ਉਨ੍ਹਾਂ ਵੱਲੋਂ ਕਰਵਾਈ ਜਾਵੇ।
ਮਜੀਠੀਆ ਨੇ ਪੁਲਿਸ ਸੁਪਰਡੈਂਟ ਹਰਪਾਲ ਸਿੰਘ ਰੰਧਾਵਾ ਵਿਰੁੱਧ ਐਫਆਈਆਰ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਮਜੀਠੀਆ ਨੇ ਦੋਸ਼ ਲਾਇਆ ਕਿ ਮਾਮਲੇ ‘ਚ ਉਸ ਦੀ ਭੂਮਿਕਾ ਅਤੇ ਲਾਪਰਵਾਹੀ ਦੀ ਜਾਂਚ ਹੋਣੀ ਚਾਹੀਦੀ ਹੈ। ਮਜੀਠੀਆ ਨੇ ਦੱਸਿਆ ਕਿ ਇਹ ਵੀ ਸੂਚਨਾ ਮਿਲੀ ਹੈ ਕਿ ਸੀਸੀਟੀਵੀ ਫੁਟੇਜ ਵਿੱਚ ਇੱਕ ਹੋਰ ਹਮਲਾਵਰ ਧਰਮ ਸਿੰਘ ਉਰਫ਼ ਬਾਬਾ ਧਰਮਾ, ਜੋ ਕਿ ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦਾ ਸਰਗਰਮ ਮੈਂਬਰ ਹੈ, ਉਸ ਦੀ ਵੀ ਪਛਾਣ ਹੋ ਗਈ ਹੈ। ਇਸ ਦੀ ਵੀ ਨਿਰਪੱਖ ਜਾਂਚ ਦੀ ਲੋੜ ਹੈ।