ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ DSGMC ਕਿਸਾਨ ਜਥੇਬੰਦੀਆਂ ਦੀ ਹਰ ਸੰਭਵ ਸਹਾਇਤਾ ਕਰਨ: ਸੁਖਬੀਰ ਬਾਦਲ

TeamGlobalPunjab
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਕਿ ਉਹ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਉਹਨਾਂ ਦੀ ਹਰ ਸੰਭਵ ਮਦਦ ਕਰਨ।

ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਸਬੰਧੀ ਗੱਲਬਾਤ ਕੀਤੀ।

ਸੁਖਬੀਰ ਸਿੰਘ ਬਾਦਲ ਨੇ ਦੋਹਾਂ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਦਿੱਲੀ ਵਿਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੇ ਅਤੇ ਹੋਰ ਜ਼ਰੂਰੀ ਵਸਤਾਂ ਵੀ ਉਹਨਾਂ ਨੂੰ ਸਪਲਾਈ ਕਰਨਗੇ। ਉਹਨਾਂ ਨੇ ਕਾਲਕਾ ਤੇ ਸਿਰਸਾ ਦੋਹਾਂ ਨੂੰ ਆਖਿਆ ਕਿ ਉਹ ਇਸ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਾਇਮ ਕਰਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਜਥੇਬੰਦੀਆਂ ਨੂੰ ਉਹਨਾਂ ਦੀ ਇੱਛਾ ਮੁਤਾਬਕ ਹੋਰ ਮਦਦ ਦੇਣ ਵਾਸਤੇ ਵੀ ਤਿਆਰ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨਾਂ ਅਤੇ ਗਰੀਬ ਤੇ ਕਮਜ਼ੋਰ ਵਰਗਾਂ ਦੇ ਸੰਘਰਸ਼ਾਂ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਕਰਦੇ ਰਹਾਂਗੇ ਤੇ ਸਾਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ, ਉਹ ਪੂਰੀ ਕਰਾਂਗੇ।

ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਛੇਤੀ ਤੋਂ ਛੇਤੀ ਹੱਲ ਕੀਤੀਆਂ ਜਾਣ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਵੱਲੋਂ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਮੰਡੀਕਰਣ ਸਬੰਧੀ ਨਵੇਂ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਨਾਲ ਹੀ ਸਰਕਾਰ ਨੂੰ ਫਸਲਾਂ ਦੀ ਐਮ ਐਸ ਪੀ ਅਨੁਸਾਰ ਸਰਕਾਰੀ ਖਰੀਦ ਯਕੀਨੀ ਬਣਾਉਣ ਵਾਸਤੇ ਕਾਨੂੰਨ ਬਣਾਉਣਾ ਚਾਹੀਦਾ ਹੈ।

- Advertisement -

Share this Article
Leave a comment