ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਆਪਣੀ ਪਤਨੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਨਾਂਦੇੜ ਵਿੱਚ ਹੋਏ ਹਮਲੇ ਤੋਂ ਬਾਅਦ ਪੰਜਾਬ ਵਾਪਸੀ ’ਤੇ ਸੁਖਬੀਰ ਬਾਦਲ ਦੀ ਇਹ ਪਹਿਲੀ ਤਖ਼ਤ ਸ੍ਰੀ ਦਮਦਮਾ ਸਾਹਿਬ ਫੇਰੀ ਹੈ। ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਮੌਜੂਦ ਰਹੇ।
ਤਖ਼ਤ ਸਾਹਿਬ ਮੱਥਾ ਟੇਕਣ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਿਰੋਪਾਓ ਦੀ ਬਖਸ਼ਿਸ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਅਤੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ।
ਮਹਾਰਾਸ਼ਟਰ ਦੇ ਨਾਂਦੇੜ ਵਿੱਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ, ਇੱਕ ਨਿਹੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਕਿਰਪਾਨ ਨਾਲ ਹਮਲਾ ਕੀਤਾ ਗਿਆ ਸੀ। ਹਮਲੇ ਤੋਂ ਬਾਅਦ ਪਹਿਲੀ ਵਾਰ ਸਿਹਤਯਾਬ ਹੋ ਕੇ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਪੰਜਾਬ ਤੇ ਪੰਜਾਬੀਅਤ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਬਚਾਇਆ ਤਾਂ ਸ਼ੁਕਰਾਨਾ ਕਰਨ ਆਏ ਹਾਂ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਅਤੇ ਭਾਈਚਾਰੇ ਦੇ ਮਾਹੌਲ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸੇਵਾ ਲਈ ਹਮੇਸ਼ਾ ਤਿਆਰ ਹੈ ਅਤੇ ਇਸ ਲਈ ਜੇਕਰ ਕੋਈ ਕੁਰਬਾਨੀ ਵੀ ਦੇਣੀ ਪਈ ਤਾਂ ਪਾਰਟੀ ਪਿੱਛੇ ਨਹੀਂ ਹਟੇਗੀ।

