ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਿੱਖ ਸੰਗਤ ‘ਤੇ ਹਮਲਾ ਕਰਨਾ ਅਤਿ ਨਿੰਦਣਯੋਗ ਤੇ ਸ਼ਰਮਨਾਕ ਕਾਰਾ: ਰੰਧਾਵਾ

TeamGlobalPunjab
2 Min Read

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਵਿਖੇ ਸਿੱਖ ਸੰਗਤ ਉਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਕੀਤੇ ਹਿੰਸਕ ਹਮਲੇ ਅਤੇ ਗਾਲੀ ਗਲੋਚ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਹ ਸਿੱਖ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਪਾਵਨ ਸਰੂਪਾਂ ਬਾਰੇ ਮੁਕੰਮਲ ਜਾਣਕਾਰੀ ਅਤੇ ਗੁਨਾਹਗਾਰਾਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀ ਸੀ।

ਰੰਧਾਵਾ ਨੇ ਇਸ ਘਿਨਾਉਣੇ ਕਾਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਜਵਾਬ ਮੰਗਿਆ ਹੈ ਕਿ ਉਹ ਕਿਸ ਦੇ ਦਬਾਅ ਹੇਠ ਟਾਸਕ ਫੋਰਸ ਨੂੰ ਸਿੱਖ ਸੰਗਤ ਨੂੰ ਨਿਸ਼ਾਨਾ ਬਣਾਉਣ ਲਈ ਉਕਸਾ ਰਹੇ ਹਨ।

ਅੱਜ ਇਥੇ ਜਾਰੀ ਇਕ ਬਿਆਨ ਵਿੱਚ ਰੰਧਾਵਾ ਨੇ ਇਸ ਘਿਨਾਉਣੀ ਕਾਰਵਾਈ ਨੂੰ ਸਿੱਖਾਂ ਦੇ ਹਿਰਦੇ ਵਲੂੰਧਰਨ ਵਾਲਾ ਅਤੇ ਨਾਮੁਆਫੀ ਯੋਗ ਗੁਨਾਹ ਦੱਸਿਆ। ਉਨ੍ਹਾਂ ਕਿਹਾ ਕਿ ਇਥੋਂ ਤੱਕ ਟਾਸਕ ਫੋਰਸ ਨੇ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਕਰਮੀਆਂ ਨੂੰ ਵੀ ਨਿਸ਼ਾਨਾ ਬਣਾਇਆ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਬਾਦਲਾਂ ਦੇ ਗੁਨਾਹਾਂ ਭਰੇ ਕਾਲੇ ਕਾਰਨਾਮਿਆਂ ਵਿੱਚ ਇਕ ਹੋਰ ਪੰਨਾ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਾਦਲਾਂ ਦੇ ਰਾਜ ਵਿੱਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਅਤੇ ਫੇਰ ਬੇਅਦਬੀ ਖਿਲਾਫ ਸ਼ਾਂਤਮਈ ਰੋਸ ਕਰ ਰਹੀ ਸਿੱਖ ਸੰਗਤ ਉਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਬਾਦਲਾਂ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਵਾਪਰੇ ਗੋਲੀ ਕਾਂਡ ਤੋਂ ਵੀ ਕੋਈ ਸਬਕ ਨਹੀਂ ਸਿੱਖਿਆ ਹੈ।

ਰੰਧਾਵਾ ਨੇ ਉਕਤ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਕੌਮ ਕਦੇ ਵੀ ਬਾਦਲਾਂ ਨੂੰ ਮਾਫ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਪੰਥਕ ਚਿਹਰਾ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ ਅਤੇ ਜਿਸ ਤਰ੍ਹਾਂ ਇਨ੍ਹਾਂ ਨੂੰ ਪਹਿਲਾਂ ਸੂਬੇ ਦੀ ਸੱਤਾਂ ਤੋਂ ਲਾਂਭੇ ਕੀਤਾ ਗਿਆ ਹੁਣ ਸਿੱਖ ਸੰਗਤ ਇਨ੍ਹਾਂ ਨੂੰ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੀ ਲਾਂਭੇ ਕਰਨ ਲਈ ਤਿਆਰ ਬੈਠੀ ਹੈ।

- Advertisement -

Share this Article
Leave a comment