ਚੰਡੀਗੜ੍ਹ : ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ (ਦੂਜੀ ਮੰਜ਼ਿਲ) ਵਿੱਚ ਆਪਣਾ ਅਹੁਦਾ ਸੰਭਾਲ ਲਿਆ।
ਇਸ ਮੌਕੇ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਅਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।
ਰੰਧਾਵਾ ਨੇ ਆਪਣੇ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਲਗਨ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਜੋ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।