ਮੁਹਾਲੀ : ਸਾਬਕਾ ਵਿਧਾਇਕ ਤੇ ਮੌਜੂਦਾ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਬੀਤੇ ਦਿਨੀਂ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਈਡੀ ਦੀ ਟੀਮ ਵੱਲੋਂ ਬੀਤੀ ਦੇਰ ਰਾਤ ਖਹਿਰਾ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਖੁੱਲਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਈਡੀ ਨੂੰ ਇਕ ਦਿਨ ਦਾ ਰਿਮਾਂਡ ਮਿਲ ਗਿਆ।
ਈਡੀ ਦੇ ਵਕੀਲ ਵਲੋਂ 14 ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਖਹਿਰਾ ਆਪਣੇ ‘ਤੇ ਲੱਗੇ ਇਨ੍ਹਾਂ ਗੰਭੀਰ ਦੋਸ਼ਾਂ ਬਾਰੇ ਈਡੀ ਦੀ ਜਾਂਚ ‘ਚ ਸਹਿਯੋਗ ਨਹੀਂ ਦੇ ਰਹੇ ਹਨ।
ਉੱਥੇ ਹੀ ਬਚਾਅ ਪੱਖ ਦੇ ਵਕੀਲਾਂ ਨੇ ਈਡੀ ਦੀ ਕਾਰਵਾਈ ਦਾ ਤਿੱਖਾ ਵਿਰੋਧ ਕਰਦਿਆਂ ਦੱਸਿਆ ਕਿ ਕਾਂਗਰਸ ਆਗੂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।