ਮੁਲਤਾਨੀ ਅਗਵਾ ਮਾਮਲੇ ‘ਚ ਅਗਾਊਂ ਜ਼ਮਾਨਤ ਲੈਣ ਲਈ ਸੁਮੇਧ ਸੈਣੀ ਪਹੁੰਚੇ ਸੁਪਰੀਮ ਕੋਰਟ

TeamGlobalPunjab
2 Min Read

ਨਵੀਂ ਦਿੱਲੀ : ਮੁਹਾਲੀ ਅਦਾਲਤ ਅਤੇ ਪੰਜਾਬ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਣ ਤੋਂ ਬਾਅਦ ਸੁਮੇਧ ਸੈਣੀ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿੱਚ ਜੋੜੀ ਗਈ ਧਾਰਾ 302 ਦੇ ਖਿਲਾਫ ਅਗਾਊਂ ਜ਼ਮਾਨਤ ਲੈਣ ਲਈ ਸਾਬਕਾ ਡੀਜੀਪੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਵਿੱਚ ਐਡਵੋਕੇਟ ਮੁਕਲ ਰੋਹਤੰਗੀ ਸਾਬਕਾ ਡੀਜੀਪੀ ਦਾ ਪੱਖ ਰੱਖਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਸੈਣੀ ਵੱਲੋਂ ਲਗਾਈ ਗਈ ਪਟੀਸ਼ਨ ‘ਤੇ ਸੁਣਵਾਈ ਹੋ ਸਕਦੀ ਹੈ।

ਸੁਮੇਧ ਸਿੰਘ ਸੈਣੀ ਖਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦਾ ਮਾਮਲਾ ਦਰਜ ਹੋਇਆ। ਫਿਰ ਮੁਹਾਲੀ ਕੋਰਟ ਦੇ ਆਦੇਸ਼ ਤੋਂ ਬਾਅਦ ਮਟੌਰ ਪੁਲਿਸ ਨੇ ਇਸ ਕੇਸ ਵਿੱਚ ਧਾਰਾ 302 ਜੋੜੀ ਸੀ। ਜਿਸ ਕਾਰਨ ਸੈਣੀ ਦੀਆਂ ਮੁਸ਼ਕਿਲਾਂ ਵਧੀਆਂ।

ਸਭ ਤੋਂ ਪਹਿਲਾਂ ਸੁਮੇਧ ਸੈਣੀ ਨੇ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲੈਣ ਦੇ ਲਈ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਉਸ ਨੂੰ ਖਾਰਜ ਕਰ ਦਿੱਤਾ ਸੀ। ਫਿਰ ਇਸ ਤੋਂ ਬਾਅਦ ਸੈਣੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਜਿਸ ਵਿੱਚ ਮੰਗ ਕੀਤੀ ਸੀ ਕਿ ਮੁਲਤਾਨੀ ਅਗਵਾ ਮਾਮਲੇ ਦੀ ਜਾਂਚ ਪੰਜਾਬ ਤੋਂ ਬਾਹਰ ਕਿਸੇ ਏਜੰਸੀ ਤੋਂ ਕਰਵਾਈ ਜਾਵੇ।

ਇਸ ਦੇ ਨਾਲ ਹੀ ਸੈਣੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲੈਣ ਦੇ ਲਈ ਅਰਜ਼ੀ ਦਾਖ਼ਲ ਕੀਤੀ ਸੀ। ਹਾਈਕੋਰਟ ਨੇ ਵੀ ਸੈਣੀ ਦੀ ਅਗਾਊਂ ਜ਼ਮਾਨਤ ਵਾਲੀ ਪਟੀਸ਼ਨ ਅਤੇ ਮੁਲਤਾਨੀ ਅਗਵਾ ਮਾਮਲੇ ਦੀ ਜਾਂਚ ਬਾਹਰੀ ਏਜੰਸੀ ਨੂੰ ਦੇਣ ਵਾਲੀ ਅਰਜ਼ੀ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਸੈਣੀ ਨੂੰ ਲੱਭਣ ਲਈ ਛਾਪੇਮਾਰੀ ਕਰ ਰਹੀ ਹੈ।

- Advertisement -

Share this Article
Leave a comment