ਚੰਡੀਗੜ੍ਹ: ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਮਾਹੌਲ ਵੀ ਭੱਖ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਬੀਜੇਪੀ ‘ਤੇ ਵੱਡੇ ਇਲਜ਼ਾਮ ਲਾਏ ਹਨ। ਇਹਨਾਂ ਚੋਣਾਂ ਵਿੱਚ ਤਿੰਨ ਖੇਤੀ ਕਾਨੂੰਨਾਂ ਦਾ ਮੁੱਦਾ ਵੀ ਉਠਾਇਆ ਜਾ ਰਿਹਾ ਹੈ। ਇਸ ਸਬੰਧੀ ਸੁਨੀਲ ਜਾਖੜ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਬਗੈਰ ਕੋਈ ਤੱਥਾਂ ਤੋਂ ਮਨਘੜਤ ਬਿਆਨਬਾਜ਼ੀ ਕਰ ਰਹੀ ਹੈ। ਜਿਸ ਦਾ ਕੋਈ ਆਧਾਰ ਨਹੀਂ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਅਕਾਲੀ ਦਲ ਵੀ ਉਹਨਾਂ ਦੀ ਸਰਕਾਰ ‘ਤੇ ਝੂਠੇ ਇਲਜ਼ਾਮ ਲਾ ਰਹੀ ਹੈ। ਸਾਡੀ ਸਰਕਾਰ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ।
ਦੂਜੇ ਪਾਸੇ ਸੁਨੀਲ ਜਾਖੜ ਨੇ ਤਿੰਨ ਖੇਤੀ ਕਾਨੂੰਨ ਮੁੱਦੇ ‘ਤੇ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਘੇਰਣ ਦੀ ਕੋਸ਼ਿਸ਼ ਕੀਤੀ। ਸੁਨੀਲ ਜਾਖੜ ਨੇ ਅਸ਼ਵਨੀ ਸ਼ਰਮਾ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਖੇਤੀ ਕਾਨੂੰਨ ਦੇ ਮਾਮਲੇ ‘ਤੇ ਉਹ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਖੁੱਲ੍ਹੀ ਬਹਿਸ ਕਰਨ ਲਈ ਆਉਣ ਅਤੇ ਲੋਕਾਂ ਨੂੰ ਇਹ ਦੱਸਣ ਕੀ ਇਹਨਾਂ ਤਿੰਨ ਖੇਤੀ ਕਾਨੂੰਨਾਂ ਦਾ ਕਿਸਾਨਾਂ ਨੂੰ ਕਿਵੇਂ ਫਾਇਦਾ ਹੋਵੇਗਾ। ਜਾਖੜ ਨੇ ਕਿਹਾ ਕਿ ਜੇਕਰ ਪੰਜਾਬ ਭਾਜਪਾ ਪ੍ਰਧਾਨ ਨੂੰ ਕਿਸਾਨੀ ਬਾਰੇ ਜਾਣਕਾਰੀ ਨਹੀਂ ਹੈ ਤਾਂ ਉਹ ਕੇਂਦਰ ਤੋਂ ਵੀ ਕਿਸੇ ਨੂੰ ਇਸ ਬਹਿਸ ਲਈ ਬੁਲਾ ਸਕਦੇ ਹਨ।