ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗਠਜੋੜ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀਆਂ ਮੌਜੂਦਾ ਸਥਿਤੀਆਂ ਨੂੰ ਵੇਖਦਿਆਂ, ਦੋਵੇਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੇ ਹਿੱਤ ਵਿੱਚ ਜ਼ਰੂਰੀ ਹੈ। ਜਾਖੜ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਜਿੱਤਣਾ ਪਾਰਟੀ ਦਾ ਮੁੱਖ ਉਦੇਸ਼ ਹੋਣਾ ਚਾਹੀਦਾ, ਨਾ ਕਿ ਸਿਰਫ ਚੋਣਾਂ ਜਿੱਤਣਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਿਰਫ ਜ਼ਮੀਨ ਦਾ ਹਿੱਸਾ ਨਹੀਂ, ਸਗੋਂ ਇੱਕ ਅਜਿਹੀ ਜਗ੍ਹਾ ਹੈ ਜਿੱਥੇ ਸੱਭਿਆਚਾਰ, ਸਨਮਾਨ ਅਤੇ ਪਗੜੀ ਸਵੈ-ਮਾਣ ਦੇ ਪ੍ਰਤੀਕ ਹਨ।
ਸੁਨੀਲ ਜਾਖੜ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸੂਬੇ ਵਿੱਚ ਵਿਗੜ ਰਹੇ ਹਾਲਾਤਾਂ ਨੂੰ ਕਾਬੂ ਕਰਨ ਲਈ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਅਤਿ ਜ਼ਰੂਰੀ ਹੈ। ਉਨ੍ਹਾਂ ਅਨੁਸਾਰ, ਵਿਰੋਧੀ ਤਾਕਤਾਂ ਮੁੜ ਸਰਗਰਮ ਹੋ ਰਹੀਆਂ ਹਨ, ਜਿਨ੍ਹਾਂ ਨੂੰ ਰੋਕਣ ਲਈ ਇਹ ਗਠਜੋੜ ਸਮੇਂ ਦੀ ਮੰਗ ਹੈ।
ਸੁਖਬੀਰ ਸਿੰਘ ਬਾਦਲ ਦੀ ਪ੍ਰਤੀਕਿਰਿਆ
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਖੜ ਦੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਅਜੇ ਦੂਰ ਹਨ ਅਤੇ ਗਠਜੋੜ ਸਬੰਧੀ ਕੋਈ ਵੀ ਫੈਸਲਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਸਲਾਹ ਨਾਲ ਲਿਆ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਸਿਰਫ ਉਸ ਪਾਰਟੀ ਨਾਲ ਗਠਜੋੜ ਕਰੇਗਾ, ਜਿਸ ਦੀ ਵਿਚਾਰਧਾਰਾ ਉਨ੍ਹਾਂ ਦੀ ਵਿਚਾਰਧਾਰਾ ਨਾਲ ਮੇਲ ਖਾਂਦੀ ਹੋਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।