ਨਵੀਂ ਦਿੱਲੀ : ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਮਾਮਲੇ ‘ਚ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਦਿੰਦੇ ਹੋਏ ਇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਹੁਣ ਇਸ ਕੇਸ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾਵੇਗੀ। ਦੱਸ ਦਈਏ ਕਿ ਲੰਮੇ ਸਮੇਂ ਤੋਂ ਸੁਸ਼ਾਂਤ ਦੇ ਪਿਤਾ ਤੇ ਬਿਹਾਰ ਸਰਕਾਰ ਵੱਲੋਂ ਇਸ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾਉਂਦਿਆਂ ਹੋਇਆ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਹੈ।
ਸੁਪਰੀਮ ਕੋਰਟ ਨੇ ਬਿਹਾਰ ‘ਚ ਦਰਜ ਐੱਫ.ਆਈ.ਆਰ. ਨੂੰ ਵੀ ਸਹੀ ਠਹਿਰਾਇਆ ਹੈ। ਇਸ ਦੇ ਨਾਲ ਹੀ ਮੁੰਬਈ ਪੁਲਿਸ ਨੂੰ ਜਾਂਚ ‘ਚ ਸਹਿਯੋਗ ਕਰਨ ਦਾ ਹੁਕਮ ਵੀ ਦਿੱਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਮਹਾਂਰਾਸ਼ਟਰ ਸਰਕਾਰ ਅਤੇ ਮੁੰਬਈ ਪੁਲਿਸ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਜ਼ਿਕਰਯੋਗ ਹੈ ਕਿ ਬੀਤੀ 11 ਅਗਸਤ ਨੂੰ ਆਪਣੀ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰਖਦਿਆਂ ਸੰਬੰਧਿਤ ਧਿਰਾਂ ਨੂੰ ਆਪਣੇ ਪੱਖ ਅਦਾਲਤ ਸਾਹਮਣੇ ਰੱਖਣ ਨੂੰ ਕਿਹਾ ਸੀ।