SYL ਦੇ ਮੁੱਦੇ ‘ਤੇ ਹਰਿਆਣਾ – ਪੰਜਾਬ ਫਿਰ ਆਹਮੋ-ਸਾਹਮਣੇ! ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਅੱਜ ਅਹਿਮ ਮੀਟਿੰਗ

Global Team
3 Min Read

ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ਦਾ ਹੱਲ ਲੱਭਣ ਲਈ ਅੱਜ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਵਿਚਾਲੇ ਇਕ ਵਾਰ ਫਿਰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀ ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਇਹ ਮੀਟਿੰਗ ਸਵੇਰੇ 10 ਵਜੇ ਹਰਿਆਣਾ ਨਿਵਾਸ ਵਿਖੇ ਹੋਵੇਗੀ। ਇਸ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 26 ਜਨਵਰੀ ਨੂੰ ਸ਼ਾਮ 6 ਵਜੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਸੀ, ਜਿਸ ਵਿੱਚ ਹੁਣ ਤੱਕ ਮਾਮਲੇ ਦੀ ਸਥਿਤੀ ਰਿਪੋਰਟ ‘ਤੇ ਚਰਚਾ ਕੀਤੀ ਗਈ ਸੀ।

ਇਹ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਆਪਣੇ ਅੰਤਿਮ ਪੜਾਅ ‘ਤੇ ਹੈ ਅਤੇ ਦੋਵੇਂ ਰਾਜਾਂ ਨੂੰ ਵਿਵਾਦ ਨੂੰ ਸੁਲਝਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ 9 ਜੁਲਾਈ ਅਤੇ 5 ਅਗਸਤ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਪ੍ਰਧਾਨਗੀ ਹੇਠ ਨਾਇਬ ਸਿੰਘ ਸੈਣੀ ਅਤੇ ਭਗਵੰਤ ਮਾਨ ਨਾਲ ਮੀਟਿੰਗਾਂ ਹੋਈਆਂ ਸਨ, ਪਰ ਕੋਈ ਹੱਲ ਨਹੀਂ ਨਿਕਲਿਆ ਸੀ। ਕੇਂਦਰ ਸਰਕਾਰ ਦੇ ਨਿਰਦੇਸ਼ਾਂ ‘ਤੇ ਹਰਿਆਣਾ ਅਤੇ ਪੰਜਾਬ ਇੱਕ ਵਾਰ ਫਿਰ ਐਸਵਾਈਐਲ ਮੁੱਦੇ ‘ਤੇ ਸਾਂਝੀ ਮੀਟਿੰਗ ਕਰਨ ਜਾ ਰਿਹਾ ਹੈ।

ਕੇਂਦਰ ਸਰਕਾਰ ਨਵੰਬਰ ਵਿੱਚ ਹੋਈ ਇੱਕ ਮੀਟਿੰਗ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ‘ਤੇ ਵਿਚੋਲਗੀ ਤੋਂ ਪਿੱਛੇ ਹਟਦੀ ਜਾਪਦੀ ਸੀ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਪੰਜ ਦੌਰ ਦੀਆਂ ਦੁਵੱਲੀਆਂ ਮੀਟਿੰਗਾਂ ਕੀਤੀਆਂ, ਪਰ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਐਸਵਾਈਐਲ ਨਹਿਰ ‘ਤੇ ਚਰਚਾ ਕਰਨ ਅਤੇ ਹੱਲ ਲੱਭਣ ਦੀ ਅਪੀਲ ਕੀਤੀ ਸੀ। ਨਾਲ ਹੀ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਲੋੜ ਪਈ ਤਾਂ ਕੇਂਦਰ ਸਰਕਾਰ ਦੋਵਾਂ ਰਾਜਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕਰੇਗੀ। ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਕਿਉਂਕਿ ਦੋਵੇਂ ਰਾਜ 5 ਅਗਸਤ, 2025 ਨੂੰ ਹੋਈ ਇੱਕ ਮੀਟਿੰਗ ਵਿੱਚ ਸਕਾਰਾਤਮਕ ਭਾਵਨਾ ਨਾਲ ਅੱਗੇ ਵਧਣ ਲਈ ਸਹਿਮਤ ਹੋਏ ਸਨ, ਇਸ ਲਈ ਉਨ੍ਹਾਂ ਨੂੰ ਹੁਣ ਆਪਣੀਆਂ ਪ੍ਰਸਤਾਵਿਤ ਯੋਜਨਾਵਾਂ ‘ਤੇ ਚਰਚਾ ਕਰਨੀ ਚਾਹੀਦੀ ਹੈ।

ਦੂਜੇ ਪਾਸੇ ਪੰਜਾਬ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਉਸ ਕੋਲ “ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।” ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਜਦੋਂ ਕੇਂਦਰ ਸਰਕਾਰ ਵਿਚੋਲਗੀ ਤੋਂ ਪਿੱਛੇ ਹਟ ਗਈ ਹੈ ਤਾਂ ਪੰਜਾਬ ਕਿਸੇ ਵੀ ਹਾਲਤ ਵਿੱਚ ਆਪਣੇ ਆਪ ਗੱਲਬਾਤ ਸ਼ੁਰੂ ਨਹੀਂ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਦੇਣ ਲਈ ਵਾਧੂ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ, ਇਸ ਲਈ SYL ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Share This Article
Leave a Comment