ਤਰਨਤਾਰਨ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ‘ਚ ਪੈਂਦੇ ਪਿੰਡ ਕੈਰੋਂ ਦੇ ਇੱਕੋ ਪਰਿਵਾਰ ਦੇ ਪੰਜ ਜੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਨਸ਼ਾ ਤਸਕਰੀ ਅਤੇ ਨਾਜਾਇਜ਼ ਸ਼ਰਾਬ ਦੇ ਮਾਮਲਿਆਂ ਵਿਚ ਸ਼ਾਮਲ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ‘ਚ ਦੋ ਔਰਤਾਂ ਅਤੇ 3 ਵਿਅਕਤੀ ਸ਼ਾਮਲ ਹਨ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ. ਧਰੁਪ ਦਹੀਆ, ਐੱਸ.ਪੀ.ਡੀ. ਜਗਜੀਤ ਸਿੰਘ ਵਾਲੀਆ ਸਮੇਤ ਹੋਰ ਅਧਿਕਾਰੀ ਮੌਕੇ ‘ਤੇ ਪੁੱਜ ਗਏ ਹਨ। ਪੁਲਿਸ ਵੱਲੋਂ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਤੋਂ ਆਅਦ ਹੀ ਕਤਲ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਮਿਲੀ ਜਾਣਕਾਰੀ ਅਨੁਸਾਰ ਸ਼ਰਾਬ ਮਾਫੀਆ ਨਾਲ ਜੁੜੇ ਬ੍ਰਿਜ ਲਾਲ ਧੱਤੂ ਦੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕੀਤਾ ਗਿਆ ਹੈ। ਘਟਨਾ ਨੂੰ ਅੱਧੀ ਰਾਤ ਦੇ ਸਮੇਂ ਅੰਜਾਮ ਦਿੱਤਾ ਗਿਆ ਹੈ। ਹਾਲਾਂਕਿ ਅਜੇ ਤੱਕ ਇਹ ਖੁਲਾਸਾ ਨਹੀਂ ਹੋ ਸਕਿਆ ਹੈ ਕਿ ਇਸ ਘਟਨਾ ਪਿੱਛੇ ਕੀ ਕਾਰਨ ਅਤੇ ਕਿਹੜੇ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ? ਪਰ ਇਸ ਘਟਨਾ ਦਾ ਸਬੰਧ ਸ਼ਰਾਬ ਮਾਫੀਆ ਨਾਲ ਮੰਨਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬ੍ਰਿਜ ਲਾਲ ਧੱਤੂ ਅਤੇ ਉਸ ਦੇ ਪੁੱਤਰ ਖਿਲਾਫ ਗੈਰ ਕਾਨੂੰਨੀ ਸ਼ਰਾਬ ਦੇ ਬਹੁਤ ਸਾਰੇ ਮਾਮਲੇ ਦਰਜ ਹਨ। ਇੱਥੇ ਦੱਸ ਦਈਏ ਕਿ ਬ੍ਰਿਜ ਲਾਲ ਦੀ ਪਤਨੀ ਰਣਜੀਤ ਕੌਰ ਨੂੰ ਨਸ਼ੇ ਵੇਚਣ ਦੇ ਦੋਸ਼ ‘ਚ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ ਜਿਸ ਦੀ ਕਿ 20 ਦਿਨ ਪਹਿਲਾਂ ਜੇਲ੍ਹ ‘ਚ ਹੀ ਮੌਤ ਹੋ ਗਈ ਸੀ।