ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਕਸਬਾ ਪੱਟੀ ਵਾਸੀ 45 ਸਾਲਾ ਕੋਰੋਨਾ ਪਾਜ਼ਿਟਿਵ ਮਰੀਜ਼ ਦੀ ਬੀਤੀ ਰਾਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ। ਇਹ ਤਰਨਤਾਰਨ ਜ਼ਿਲ੍ਹੇ ‘ਚ ਕੋਰੋਨਾ ਕਾਰਨ ਪਹਿਲੀ ਮੌਤ ਹੈ ਤੇ ਇਸ ਦੇ ਨਾਲ ਹੀ ਪੰਜਾਬ ‘ਚ ਕੁੱਲ ਮੌਤਾਂ ਦੀ ਗਿਣਤੀ ਵਧ ਕੇ 50 ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਪੀੜਤ ਮਰੀਜ਼ ਕਿਸੇ ਗੰਭੀਰ ਬਿਮਾਰੀ ਨਾਲ ਪੀੜਤ ਸੀ ਜਿਸ ਦੇ ਇਲਾਜ ਲਈ ਹਸਪਤਾਲ ‘ਚ ਦਾਖ਼ਲ ਹੋਇਆ ਸੀ ਤੇ ਬਾਅਦ ਵਿਚ ਇਹ ਕੋਰੋਨਾ ਪਾਜ਼ਿਟਿਵ ਪਾਇਆ ਗਿਆ। ਜ਼ਿਲ੍ਹੇ ‘ਚ ਪੀੜਤਾਂ ਦੀ ਕੁੱਲ ਗਿਣਤੀ 167 ਹੈ।
ਤਰਨਤਾਰਨ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਰਾਤ ਵੇਲੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਮੌਤ ਹੋਈ ਤੇ ਉਹ ਕੋਰੋਨਾ ਪਾਜ਼ਿਟਿਵ ਹੈ।