ਗਣਤੰਤਰ ਦਿਵਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਕੀਤਾ ਗਿਆ ਗ੍ਰਿਫਤਾਰ

TeamGlobalPunjab
2 Min Read

ਸੰਗਰੂਰ : ਅੱਜ ਜਿੱਥੇ ਗਣਤੰਤਰ ਦਿਵਸ ਦਾ ਤਿਉਹਾਰ ਪੂਰੇ ਦੇਸ਼ ਅੰਦਰ ਮਨਾਇਆ ਜਾ ਰਿਹਾ ਹੈ ਉੱਥੇ ਹੀ ਇਸੇ ਮੌਕੇ ਪੰਜਾਬ ਸਰਕਾਰ ਵਿਰੁੱਧ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਅੱਜ ਕੁਝ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਜੀ ਹਾਂ ਇਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਗ੍ਰਿਫਤਾਰੀਆਂ ਤੋਂ ਬਾਅਦ ਇਹ ਪ੍ਰਦਰਸ਼ਨ ਹੋਰ ਤੇਜ਼ ਹੋਣਗੇ।

ਦੱਸ ਦਈਏ ਕਿ ਬੀਤੇ ਦਿਨੀਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਗਣੰਤਤਰ ਦਿਵਸ ਮੌਕੇ ਸੀਕਰੇਟ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਦੱਬ ਕੇ ਪ੍ਰਦਰਸ਼ਨ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੇਰੁਜ਼ਗਾਰ ਅਧਿਆਪਕ ਨੇ ਦੱਸਿਆ ਕਿ ਉਨ੍ਹਾਂ ਦੇ ਈਟੀਟੀ ਟੈੱਟ ਪਾਸ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ਼ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਹੀ ਇੱਕ ਹੋਰ ਅਧਿਆਪਕ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਪਿਛਲੇ ਲੰਮੇ ਸਮੇਂ ਤੋਂ ਸਿਰਫ ਮਜ਼ਾਕ ਕੀਤਾ ਜਾ ਰਿਹਾ ਹੈ। ਬੇਰੁਜ਼ਗਾਰ ਅਧਿਆਪਕਾਂ ਮੁਤਾਬਿਕ ਪਿਛਲੇ ਦਿਨੀ ਸਿੱਖਿਆ ਸਕੱਤਰ ਅਤੇ ਸਿੱਖਿਆ ਮੰਤਰੀ ਨਾਲ ਜਿਹੜੀਆਂ ਵੀ ਮੀਟਿੰਗਾਂ ਹੋਈਆਂ ਹਨ ਉਨ੍ਹਾਂ ਵਿੱਚ ਸਿਰਫ ਲਾਰੇ ਹੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਗੁਣਤੰਤਰ ਦਿਵਸ ਉਨ੍ਹਾਂ ਲਈ ਨਹੀਂ ਹੈ ਕਿਉਂਕਿ ਉਨ੍ਹਾਂ ਨੂੰ ਕੋਈ ਅਜ਼ਾਦੀ ਨਹੀਂ ਮਿਲੀ ਹੈ।

ਇਸ ਸਬੰਧ ਵਿੱਚ ਜਦੋਂ ਕਾਂਗਰਸ ਸਰਕਾਰ ਦੇ ਮੰਤਰੀ ਓਪੀ ਸੋਨੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਸੋਨੀ ਨੇ ਕਿਹਾ ਉਨ੍ਹਾਂ ਨੂੰ ਖੁਦ ਨੂੰ ਵੀ ਉਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨਾਲ ਹਮਦਰਦੀ  ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਂ ਸੋਚ ਹੀ ਇਹ ਹੈ ਕਿ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ ਪਰ ਕਈ ਵਾਰ ਸਰਕਾਰ ਦੀਆਂ ਕੁਝ ਮਜ਼ਬੂਰੀਆਂ ਹੁੰਦੀਆਂ ਹਨ।

Share this Article
Leave a comment