ਪਟਿਆਲਾ : ਪਟਿਆਲਾ ‘ਚ ਅੱਜ ਜਿੱਥੇ ਮਹਿਲਾ ਦਿਵਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਮਹਿਲਾ ਅਧਿਆਪਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ‘ਤੇ ਲਾਠੀਚਾਰਜ ਹੋਣ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ ਉੱਥੇ ਹੀ ਹੁਣ ਬੇਰੁਜ਼ਗਾਰ ਅਧਿਆਪਕ ਪਟਿਆਲਾ ਭਾਖੜਾ ਨਹਿਰ ‘ਚ ਛਾਲਾਂ ਮਾਰਨ ਪਹੁੰਚ ਗਏ ਹਨ। ਉਨ੍ਹਾਂ ਵੱਲੋਂ ਸੱਤਾਧਾਰੀ ਕੈਪਟਨ ਸਰਕਾਰ ਵਿਰੁੱਧ ਦੱਬ ਕੇ ਨਾਅਰੇਬਾਜੀ ਕੀਤੀ ਜਾ ਰਹੀ ਹੈ ਅਤੇ ਆਤਮਦਾਹ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਇਸ ਬਾਰੇ ਇੱਕ ਪ੍ਰਦਰਸ਼ਨਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਫਾਜ਼ਿਲਕਾ ਤੋਂ ਆਏ ਹਨ ਅਤੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਨੌਜਵਾਨ ਰੁਜ਼ਗਾਰ ਪ੍ਰਾਪਤ ਕਰਨਾ ਛੱਡ ਦੇਣ। ਉਨ੍ਹਾਂ ਕਿਹਾ ਕਿ ਮੀਟਿੰਗਾਂ ਵਿੱਚ ਸਿਰਫ ਲਾਰਾ ਲਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਉਹ ਇੱਥੋਂ ਖਾਲੀ ਹੱਥ ਨਹੀਂ ਜਾਣਗੇ ਫਿਰ ਭਾਵੇਂ ਉਨ੍ਹਾਂ ਨੂੰ ਆਪਣੀ ਜਾਨ ਵੀ ਕਿਉਂ ਨਾ ਗਵਾਉਣੀ ਪਵੇ।