ਨਿਊਜ਼ ਡੈਸਕ: ਪਾਕਿਸਤਾਨ ਦੇ ਉੱਤਰ-ਪੱਛਮ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ‘ਚ 11 ਲੋਕ ਮਾਰੇ ਗਏ ਹਨ। ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਉਹ ਇੱਕ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਜਾ ਰਹੇ ਸਨ ਜਦੋਂ ਉਨ੍ਹਾਂ ਦੀ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ। ਬਚਾਅ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।
ਅਧਿਕਾਰੀਆਂ ਮੁਤਾਬਿਕ ਇਹ ਹਾਦਸਾ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਜ਼ਿਲੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਮਲਮ ਜੱਬਾ ‘ਚ ਵਾਪਰਿਆ ਹੈ। ਰੈਸਕਿਊ 112 ਮੁਤਾਬਿਕ ਇਸ ਹਾਦਸੇ ‘ਚ ਕਈ ਔਰਤਾਂ ਅਤੇ ਬੱਚਿਆਂ ਦੀ ਵੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਲਾੜੇ ਦੀ ਮਾਂ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡਰਾਈਵਰ ਨੇ ਵਾਹਨ ‘ਤੇ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਵੈਨ ਡੂੰਘੀ ਖੱਡ ‘ਚ ਜਾ ਡਿੱਗੀ।
ਘਟਨਾ ਤੋਂ ਬਾਅਦ ਸਥਾਨਿਕ ਲੋਕਾਂ ਨੇ ਖੁਦ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ‘ਚ ਮੈਡੀਕਲ ਟੀਮ ਅਤੇ ਸਰਕਾਰੀ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਜ਼ਖਮੀਆਂ ਨੂੰ ਸੈਦੂ ਸ਼ਰੀਫ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਪਹਾੜੀ ਅਤੇ ਔਖੇ ਰਸਤਿਆਂ ਕਾਰਨ ਇਸ ਖੇਤਰ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਚਲਾਉਣਾ ਬਹੁਤ ਮੁਸ਼ਕਲ ਹੈ।
ਇਸ ਤੋਂ ਇੱਕ ਦਿਨ ਪਹਿਲਾਂ ਇਸੇ ਸੂਬੇ ਦੇ ਬੰਨੂ ਜ਼ਿਲ੍ਹੇ ਵਿੱਚ ਇੱਕ ਵੱਡਾ ਆਤਮਘਾਤੀ ਹਮਲਾ ਹੋਇਆ ਸੀ। ਆਤਮਘਾਤੀ ਹਮਲਾਵਰ ਨੇ ਬਾਰੂਦ ਨਾਲ ਭਰੀ ਆਪਣੀ ਗੱਡੀ ਫਤਿਹ ਖੇਲ ਪੁਲਿਸ ਚੌਕੀ ‘ਤੇ ਟਕਰਾ ਦਿੱਤੀ। ਇਸ ਜ਼ਬਰਦਸਤ ਧਮਾਕੇ ਵਿੱਚ 15 ਪੁਲਿਸ ਮੁਲਾਜ਼ਮ ਮਾਰੇ ਗਏ ਅਤੇ ਤਿੰਨ ਹੋਰ ਜਵਾਨ ਜ਼ਖ਼ਮੀ ਹੋ ਗਏ। ਬਾਅਦ ਵਿੱਚ ਅਧਿਕਾਰੀਆਂ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

