ਸੰਗਰੂਰ: ਪੰਜਾਬ ਦੇ ਸੰਗਰੂਰ ਵਿੱਚ ਇੱਕ ਡੀਐਸਪੀ ਦੇ 22 ਸਾਲਾ ਪੁੱਤਰ ਦੀ ਕਾਰ ਦੇ ਸੰਤੁਲਨ ਵਿਗੜਨ ਕਾਰਨ ਮੌਤ ਹੋ ਗਈ ਹੈ। ਭਵਾਨੀਗੜ੍ਹ ਵਿੱਚ ਫੱਗੂਵਾਲਾ ਕੈਂਚੀ ਨੇੜੇ ਫਲਾਈਓਵਰ ‘ਤੇ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਕਾਰ ਵਿੱਚ ਦੋ ਨੌਜਵਾਨ ਸਵਾਰ ਸਨ, ਪਰ ਅਚਾਨਕ ਕਾਰ ਸੰਤੁਲਨ ਗੁਆ ਬੈਠੀ ਅਤੇ ਏਕਮਵੀਰ ਸਿੰਘ ਦੀ ਮੌਤ ਹੋ ਗਈ ਜਦੋਂ ਕਿ ਹਰਜੋਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨ ਏਕਮਵੀਰ ਸਿੰਘ ਦੇ ਪਿਤਾ ਸਤਨਾਮ ਸਿੰਘ ਪਟਿਆਲਾ ਪੁਲਿਸ ਵਿੱਚ ਡੀਐਸਪੀ ਵਜੋਂ ਤਾਇਨਾਤ ਹਨ ਅਤੇ ਪਟਿਆਲਾ ਦੇ ਰਹਿਣ ਵਾਲੇ ਹਨ। ਐਸਐਸਐਫ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਭਵਾਨੀਗੜ੍ਹ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਏਕਮਵੀਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਹਰਜੋਤ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਪਟਿਆਲਾ ਰੈਫਰ ਕਰ ਦਿੱਤਾ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ 112 ਤੋਂ ਸੂਚਨਾ ਮਿਲੀ ਸੀ ਕਿ ਉਕਤ ਵਾਹਨ ਹਾਦਸਾਗ੍ਰਸਤ ਹੋ ਗਿਆ ਹੈ। ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦੇਖਿਆ ਕਿ ਇੱਕ ਵਾਹਨ ਵਿੱਚ ਦੋ ਨੌਜਵਾਨ ਸਵਾਰ ਸਨ, ਜੋ ਗੰਭੀਰ ਜ਼ਖਮੀ ਹੋ ਗਏ ਸਨ। ਉਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਏਕਮਵੀਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਹਰਜੋਤ ਸਿੰਘ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਇਸ ਹਾਦਸੇ ਬਾਰੇ ਐਸਐਸਐਫ ਦੇ ਜਵਾਨਾਂ ਨੇ ਦੋਸ਼ ਲਗਾਇਆ ਕਿ ਸੜਕ ‘ਤੇ ਸਟਰੀਟ ਲਾਈਟਾਂ ਕਾਫ਼ੀ ਸਮੇਂ ਤੋਂ ਕੰਮ ਨਹੀਂ ਕਰ ਰਹੀਆਂ ਸਨ। ਇਸ ਬਾਰੇ ਕਈ ਵਾਰ ਸ਼ਿਕਾਇਤ ਕੀਤੀ ਹੈ, ਪਰ ਕੋਈ ਸੁਣਵਾਈ ਨਹੀਂ ਹੋਈ।