ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਜਲੰਧਰ-ਨਵਾਂਸ਼ਹਿਰ ’ਚ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

Global Team
3 Min Read

ਐੱਸ.ਬੀ.ਐੱਸ. ਨਗਰ: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐੱਸ.ਬੀ.ਐੱਸ. ਨਗਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮਾਡਿਊਲ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਕਬਜ਼ੇ ਵਿੱਚੋਂ 86-P ਹੈਂਡ ਗ੍ਰੇਨੇਡ ਵੀ ਬਰਾਮਦ ਹੋਇਆ ਹੈ। ਪੁਲਿਸ ਮੁਤਾਬਕ ਇਸ ਕਾਰਵਾਈ ਨਾਲ ਪੰਜਾਬ ਵਿੱਚ ਸੰਭਾਵਿਤ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ।

ਵਿਦੇਸ਼ ਬੈਠੇ ਹੈਂਡਲਰਾਂ ਨਾਲ ਸੰਪਰਕ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਸਿੱਧੇ ਸੰਪਰਕ ਵਿੱਚ ਸੀ। ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਮੁਲਜ਼ਮ ਪੰਜਾਬ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।

ਜਾਂਚ ਅਨੁਸਾਰ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਮੁਲਜ਼ਮ ਨੇ ਜਲੰਧਰ ਦੇ ਆਦਮਪੁਰ ਨੇੜੇ ਸਥਿਤ ਇੱਕ ਡੈੱਡ ਡਰਾਪ ਲੋਕੇਸ਼ਨ ਤੋਂ 86-P ਹੈਂਡ ਗ੍ਰੇਨੇਡ ਹਾਸਲ ਕੀਤਾ ਸੀ।

BNS ਅਤੇ ਵਿਸਫੋਟਕ ਪਦਾਰਥ ਐਕਟ ਤਹਿਤ ਕੇਸ

ਇਸ ਮਾਮਲੇ ਵਿੱਚ ਐੱਸ.ਬੀ.ਐੱਸ. ਨਗਰ ਦੇ ਥਾਣਾ ਸਦਰ ਨਵਾਂਸ਼ਹਿਰ ਵਿੱਚ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ, ਤਾਂ ਜੋ ਉਸ ਤੋਂ ਮਾਮਲੇ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਸਕੇ।

ਨੈੱਟਵਰਕ ਦੀਆਂ ਕੜੀਆਂ ਖੰਗਾਲ ਰਹੀ ਪੁਲਿਸ

ਪੁਲਿਸ ਟੀਮਾਂ ਹੁਣ ਇਸ ਮਾਡਿਊਲ ਨਾਲ ਜੁੜੇ ਨੈੱਟਵਰਕ ਦੀ ਜਾਂਚ ਕਰ ਰਹੀਆਂ ਹਨ। ਜਾਂਚ ਦੌਰਾਨ ਸਥਾਨਕ ਪੱਧਰ ’ਤੇ ਮਦਦ ਕਰਨ ਵਾਲੇ ਲੋਕਾਂ, ਫੰਡ ਮੁਹੱਈਆ ਕਰਵਾਉਣ ਵਾਲਿਆਂ ਅਤੇ ਸਰਹੱਦ ਪਾਰ ਜਾਂ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੀ ਭੂਮਿਕਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਬਰਾਮਦ ਕੀਤਾ ਗਿਆ ਗ੍ਰੇਨੇਡ ਕਿਸ ਨਿਸ਼ਾਨੇ ਜਾਂ ਜਨਤਕ ਥਾਂ ’ਤੇ ਹਮਲੇ ਲਈ ਵਰਤਿਆ ਜਾਣਾ ਸੀ।

DGP ਨੇ ਕਿਹਾ, ਸਖ਼ਤ ਕਾਰਵਾਈ ਜਾਰੀ ਰਹੇਗੀ

ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੇ ਸੋਸ਼ਲ ਮੀਡੀਆ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ, ਸਰਹੱਦ ਪਾਰ ਤੋਂ ਚਲਾਈਆਂ ਜਾ ਰਹੀਆਂ ਸਾਜ਼ਿਸ਼ਾਂ ਅਤੇ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।

ਡੀ.ਜੀ.ਪੀ. ਮੁਤਾਬਕ ਲੋਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਅਜਿਹੇ ਅਸਮਾਜਿਕ ਤੱਤਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ।

Share This Article
Leave a Comment