ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਕਾਰਨ ਸਥਿਤੀ ਹੋਰ ਵੀ ਗੰਭੀਰ ਹੁੰਦੀ ਜਾ ਰਹੀ ਹੈ। ਇਸ ਦੌਰਾਨ, ਦਿੱਲੀ ਸਰਕਾਰ ਵੱਲੋਂ ਗਠਿਤ ਪੰਜ ਮੈਂਬਰੀ ਡਾਕਟਰਾਂ ਦੀ ਕਮੇਟੀ ਨੇ ਵੀ ਆਪਣੀ ਰਿਪੋਰਟ ਸੌਂਪ ਦਿੱਤੀ, ਜਿਸ ਤੋਂ ਬਾਅਦ ਦਿੱਲੀ ਸਰਕਾਰ ਨੇ ਸਿਹਤ ਪ੍ਰਣਾਲੀ ਨੂੰ ਲੈ ਕੇ ਕੈਬਨਿਟ ਦੀ ਮੀਟਿੰਗ ਵਿੱਚ ਕੁਝ ਵੱਡੇ ਫੈਸਲੇ ਲਏ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਕ ਵੀਡੀਓ ਕਾਨਫਰੰਸ ‘ਚ ਕੀਤੀ ਅਤੇ ਦਿੱਲੀ ਸਰਕਾਰ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਦਿੱਲੀ ਸਰਕਾਰ ਦੇ ਹਸਪਤਾਲਾਂ ‘ਚ ਸਿਰਫ਼ ਦਿੱਲੀ ਵਾਸੀਆਂ ਦਾ ਇਲਾਜ ਕੀਤਾ ਜਾਵੇਗਾ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਕਿ ਦਿੱਲੀ ਸਰਕਾਰ ਦੇ ਸਾਰੇ ਹਸਪਤਾਲ ਅਤੇ ਨਿੱਜੀ ਹਸਪਤਾਲਾਂ ‘ਚ ਸਿਰਫ਼ ਦਿੱਲੀ ਵਾਸੀਆਂ ਦਾ ਇਲਾਜ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਤੋਂ ਇਲਾਜ ਦੇ ਲਈ ਆਉਣ ਵਾਲੇ ਲੋਕ ਕੇਂਦਰ ਸਰਕਾਰ ਦੇ ਹਸਪਤਾਲਾਂ ‘ਚ ਆਪਣਾ ਇਲਾਜ ਕਰਵਾ ਸਕਣਗੇ।
ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ 7.5 ਲੱਖ ਲੋਕਾਂ ਨੇ ਉਨ੍ਹਾਂ ਨੂੰ ਸੁਝਾਅ ਭੇਜੇ ਸਨ ਜਿਨ੍ਹਾਂ ‘ਚੋਂ 90 ਫੀਸਦੀ ਲੋਕਾਂ ਦਾ ਕਹਿਣਾ ਸੀ ਕਿ ਕੋਰੋਨਾ ਕਾਲ ‘ਚ ਦਿੱਲੀ ਦੇ ਹਸਪਤਾਲ ਸਿਰਫ ਦਿੱਲੀ ਵਾਸੀਆਂ ਲਈ ਹੀ ਹੋਣੇ ਚਾਹੀਦੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੱਲ੍ਹ ਤੋਂ ਦਿੱਲੀ ਵਿੱਚ ਮਾਲ, ਰੈਸਟੋਰੈਂਟ ਅਤੇ ਸਾਰੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦਾ ਵੀ ਐਲਾਨ ਕੀਤਾ।