ਸੁੱਖੂ ਸਰਕਾਰ ਦਾ ਵੱਡਾ ਫੈਸਲਾ, ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 2800 ਵਿਦਿਆਰਥੀਆਂ ਦੀਆਂ ਫੀਸਾਂ ਕਰੇਗੀ ਅਦਾ

Rajneet Kaur
2 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਇਕ ਅਹਿਮ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਿਮਾਚਲ ਪ੍ਰਦੇਸ਼ ਦੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਕਰੀਬ 2800 ਵਿਦਿਆਰਥੀਆਂ ਦੀਆਂ ਫੀਸਾਂ ਅਦਾ ਕਰੇਗੀ। ਡਾਇਰੈਕਟੋਰੇਟ ਆਫ਼ ਐਲੀਮੈਂਟਰੀ ਐਜੂਕੇਸ਼ਨ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਿਤ ਇਨ੍ਹਾਂ ਵਿਦਿਆਰਥੀਆਂ ਦੀਆਂ ਫੀਸਾਂ ਅਦਾ ਕਰਨ ਲਈ ਕਮੇਟੀ ਦਾ ਗਠਨ ਕੀਤਾ ਹੈ।ਪ੍ਰਾਈਵੇਟ ਸਕੂਲਾਂ ਨੂੰ ਪਹਿਲੀ ਕਿਸ਼ਤ 31 ਜੁਲਾਈ ਤੱਕ ਅਤੇ ਦੂਜੀ ਅਤੇ ਆਖਰੀ ਕਿਸ਼ਤ 31 ਜਨਵਰੀ, 2024 ਤੱਕ ਜਾਰੀ ਕੀਤੀ ਜਾਵੇਗੀ।ਦਸਣਯੋਗ ਹੈ ਕਿ ਸਿੱਖਿਆ ਦੇ ਅਧਿਕਾਰ ਕਾਨੂੰਨ ਤਹਿਤ ਪ੍ਰਾਈਵੇਟ ਸਕੂਲਾਂ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ 25 ਫ਼ੀਸਦੀ ਵਿਦਿਆਰਥੀਆਂ ਨੂੰ ਦਾਖ਼ਲਾ ਦੇਣਾ ਲਾਜ਼ਮੀ ਹੈ।

ਡਾਇਰੈਕਟੋਰੇਟ ਆਫ ਐਲੀਮੈਂਟਰੀ ਐਜੂਕੇਸ਼ਨ ਵੱਲੋਂ ਸ਼ੁੱਕਰਵਾਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸੂਬੇ ਦੇ ਵੱਖ-ਵੱਖ ਪ੍ਰਾਈਵੇਟ ਸਕੂਲਾਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਕਰੀਬ 2800 ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਗਿਆ ਹੈ। ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਦੇਣ ਲਈ ਗਠਿਤ ਕਮੇਟੀ ਦਾ ਚੇਅਰਮੈਨ ਜ਼ਿਲ੍ਹਾ ਡਿਪਟੀ ਡਾਇਰੈਕਟਰ ਐਲੀਮੈਂਟਰੀ ਸਿੱਖਿਆ ਨੂੰ ਲਾਇਆ ਗਿਆ ਹੈ। ਕਮੇਟੀ ਵਿੱਚ ਸੁਪਰਡੈਂਟ ਗ੍ਰੇਡ 1 ਅਤੇ ਸੈਕਸ਼ਨ ਅਫਸਰ ਨੂੰ ਮੈਂਬਰ ਬਣਾਇਆ ਗਿਆ ਹੈ। ਹਰ ਜ਼ਿਲ੍ਹੇ ਵਿੱਚ ਇਹ ਤਿੰਨ ਮੈਂਬਰੀ ਕਮੇਟੀ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਦੀ ਮੰਗ ਸਬੰਧੀ ਪੇਸ਼ ਕੀਤੇ ਗਏ ਦਸਤਾਵੇਜ਼ਾਂ ਦੀ ਪੜਤਾਲ ਕਰੇਗੀ। 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment