ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਪੰਜਾਬ ਦੇ ਪਿੰਡਾਂ ‘ਚ ਕੋਵਿਡ ਸੰਕਟ ਦੇ ਨਾਂ ‘ਤੇ ਲੋਕਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨ। ਕੈਪਟਨ ਨੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਤੋਂ ਦੂਰ ਰਹਿਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਉਹ ਆਪਣਾ ਧਿਆਨ ਆਪਣੇ ਸੂਬੇ ‘ਚ ਕੋਰੋਨਾ ਨੂੰ ਕੰਟਰੋਲ ਕਰਨ ‘ਤੇ ਕੇਂਦ੍ਰਿਤ ਕਰਨ।
ਦੱਸ ਦਈਏ ਕਿ ਪਿਛਲੇ ਦਿਨੀਂ ਵੱਡੀ ਗਿਣਤੀ ਵਿੱਚ ਝੂਠੀਆਂ ਖ਼ਬਰਾਂ ਅਤੇ ਭੜਕਾਊ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚੋਂ ਇਕ ਵਿਦੇਸ਼ਾਂ ਤੋਂ ਸੰਭਾਵੀ ਤੌਰ ‘ਤੇ ਪਾਕਿਸਤਾਨ ਤੋਂ ਉਪਜਿਆ ਹੈ ਅਤੇ ਜਿਨ੍ਹਾਂ ਦਾ ਪ੍ਰਚਾਰ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੇ ਇਕ ਸਰਗਰਮ ਵਰਕਰ ਵੱਲੋਂ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਵਰਕਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਸ ਨੇ ਉਸ ਨੂੰ ਇੱਕ ਲਾਸ਼ ਸਬੰਧੀ ਪੋਸਟ ਨੂੰ ਚਾਰੇ ਪਾਸੇ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਕਿ ਮ੍ਰਿਤਕ ਕੋਰੋਨਾ ਮਰੀਜ਼ਾਂ ਦੇ ਅੰਗ ਪੰਜਾਬ ਦੇ ਸਿਤਹ ਵਿਭਾਗ ਵੱਲੋਂ ਕੱਢੇ ਜਾ ਰਹੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਅਫਵਾਹਾਂ ਨਾਲ ਇੱਕ ਭਾਈਚਾਰੇ ਦੇ ਲੋਕਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ ਲੈਣ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ, ਜੋ ਸੇਵਾਵਾਂ ਕੋਰੋਨਾ ਨਾਲ ਪੀੜਤ ਸਾਰੇ ਨਾਗਰਿਕਾਂ ਨੂੰ ਮੁਹੱਈਆ ਕਰਵਾਏ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੋਸਟ ਕੀਤੀ ਜਾ ਰਹੀਆਂ ਇਨ੍ਹਾਂ ਵੀਡੀਓ ਰਾਹੀਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਫੈਸਲੇ ਨਾਲ ਪੰਜਾਬ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।