ਨਿਊਜ਼ ਡੈਸਕ: ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜਾਣਕਾਰੀ ਅਨੁਸਾਰ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖਿਲਾਫ ਕਥਿਤ ਬ੍ਰਿਟਿਸ਼ ਨਾਗਰਿਕਤਾ ਮਾਮਲੇ ‘ਚ ਐੱਫ.ਆਈ.ਆਰ ਦਰਜ ਕਰਨ ਅਤੇ ਜਾਂਚ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਸਿੰਗਲ ਬੈਂਚ ਨੇ ਸ਼ਿਕਾਇਤਕਰਤਾ ਵਿਗਨੇਸ਼ ਸ਼ਿਸ਼ਿਰ ਦੀ ਪਟੀਸ਼ਨ ‘ਤੇ ਸੁਣਵਾਈ ਪੂਰੀ ਕੀਤੀ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ‘ਚ ਐੱਫਆਈਆਰ ਦਰਜ ਕਰਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਦਾ ਨਿਰਦੇਸ਼ ਦਿੱਤਾ ਹੈ।
ਪਿਛਲੇ ਕਈ ਦਿਨਾਂ ਤੋਂ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ‘ਚ ਰਾਹੁਲ ਗਾਂਧੀ ਨਾਲ ਸਬੰਧਿਤ ਕਥਿਤ ਦੋਹਰੀ ਨਾਗਰਿਕਤਾ ਦੇ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੁਣਵਾਈ ਚੱਲ ਰਹੀ ਸੀ। ਜਾਣਕਾਰੀ ਮੁਤਾਬਿਕ ਇਹ ਪਟੀਸ਼ਨ ਕਰਨਾਟਕ ਭਾਜਪਾ ਵਰਕਰ ਐੱਸ.ਵਿਗਨੇਸ਼ ਸ਼ਿਸ਼ਿਰ ਨੇ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਸੁਭਾਸ਼ ਵਿਦਿਆਰਥੀ ਦੀ ਬੈਂਚ ਕਰ ਰਹੀ ਸੀ।
ਦੱਸ ਦੇਈਏ ਕਿ ਇਸ ਪਟੀਸ਼ਨ ਵਿੱਚ ਲਖਨਊ ਦੀ ਵਿਸ਼ੇਸ਼ ਸੰਸਦ ਮੈਂਬਰ/ਵਿਧਾਇਕ ਅਦਾਲਤ ਦੇ 28 ਜਨਵਰੀ 2026 ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਵਿੱਚ ਅਦਾਲਤ ਨੇ ਐਫਆਈਆਰ ਦਰਜ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਨਾਗਰਿਕਤਾ ਦਾ ਮੁੱਦਾ ਉਸ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ।
ਪਟੀਸ਼ਨਰ ਵਿਗਨੇਸ਼ ਸ਼ਿਸ਼ਿਰ ਦੀ ਤਰਫੋਂ ਮੰਗ ਕੀਤੀ ਗਈ ਹੈ ਕਿ ਰਾਹੁਲ ਗਾਂਧੀ ਦੇ ਖਿਲਾਫ ਬੀਐਨਐਸ, ਆਫੀਸ਼ੀਅਲ ਸੀਕਰੇਟਸ ਐਕਟ, ਫਾਰੇਨਰਜ਼ ਐਕਟ ਅਤੇ ਪਾਸਪੋਰਟ ਐਕਟ ਤਹਿਤ ਐਫਆਈਆਰ ਦਰਜ ਕੀਤੀ ਜਾਵੇ ਅਤੇ ਇਸ ਦੀ ਵਿਸਤ੍ਰਿਤ ਜਾਂਚ ਦੇ ਨਿਰਦੇਸ਼ ਦਿੱਤੇ ਜਾਣ। ਦੱਸ ਦਈਏ ਕਿ ਇਸ ਮਾਮਲੇ ‘ਚ ਹਾਈਕੋਰਟ ਨੇ ਰਾਹੁਲ ਗਾਂਧੀ ਦੀ ਕਥਿਤ ਬ੍ਰਿਟਿਸ਼ ਨਾਗਰਿਕਤਾ ਨਾਲ ਜੁੜੀ ਸ਼ਿਕਾਇਤ ‘ਤੇ ਹੋਈ ਕਾਰਵਾਈ ਬਾਰੇ ਕੇਂਦਰ ਸਰਕਾਰ ਤੋਂ ਜਾਣਕਾਰੀ ਮੰਗੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਗ੍ਰਹਿ ਮੰਤਰਾਲੇ ਤੋਂ ਮਾਮਲੇ ਨਾਲ ਸਬੰਧਤ ਰਿਕਾਰਡ ਵੀ ਤਲਬ ਕੀਤਾ ਸੀ। ਅਦਾਲਤ ‘ਚ ਪੇਸ਼ ਕਰਕੇ ਉਨ੍ਹਾਂ ਕੋਲੋਂ ਵੀ ਪੁੱਛਗਿੱਛ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

