ਚੰਡੀਗੜ੍ਹ: ਕੇਂਦਰ ਸਰਕਾਰ ਨੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਈ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ। ਭਾਰਤ ਸਰਕਾਰ ਵੱਖ-ਵੱਖ ਤਰੀਕਿਆਂ ਰਾਹੀਂ ਰਾਜਾਂ ਵਿੱਚ ਰਾਸ਼ਟਰੀ ਸਿਹਤ ਮਿਸ਼ਨ (NHM) ਦੀ ਪ੍ਰਗਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਦੀ ਹੈ। ਹਰ ਸਾਲ ਕਰਵਾਏ ਜਾਣ ਵਾਲੇ ਕਾਮਨ ਰਿਵਿਊ ਮਿਸ਼ਨ (ਸੀ.ਆਰ.ਐਮ.) ਦੀ ਸਮੀਖਿਆ ਵਿੱਚ ਕੇਂਦਰ ਦੀ ਟੀਮ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਸ਼ਲਾਘਾ ਕੀਤੀ ਹੈ।
ਦਸ ਦਈਏ ਕਿ ਉਚ ਸਿਹਤ ਮਾਹਿਰਾਂ ਅਤੇ ਹੋਰ ਸਰਕਾਰੀ ਅਧਿਕਾਰੀਆਂ ਅਤੇ ਲੋਕ ਨੁੰਮਾਇੰਦਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਇੱਕ ਟੀਮ ਵੱਖ ਵੱਖ ਰਾਜਾਂ ਦਾ ਦੌਰਾ ਕਰਦੀ ਹੈ ਜਿਸ ਤਹਿਤ ਪੰਜਾਬ ਵਿੱਚ ਆਯੁਸ਼, ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਉਪ ਨਿਰਦੇਸ਼ ਡਾ. ਏ. ਰਘੂ ਦੀ ਅਗਵਾਈ ਹੇਠ 16 ਮੈਂਬਰੀ ਟੀਮ ਨੇ 4 ਤੋਂ 11 ਨਵੰਬਰ ਵਿਚਕਾਰ ਦੌਰਾ ਕੀਤਾ ਸੀ।
ਕੇਂਦਰ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕਲੀਨਿਕਾਂ ਦੀ ਕਾਰਗੁਜਾਰੀ ‘ਤੇ ਸੰਤੁਸ਼ਟੀ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਇਨ੍ਹਾਂ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਟੀਮਾਂ ਨਾਲ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਕੇਂਦਰ ਨੇ ਮਾਨ ਸਰਕਾਰ ਵੱਲੋਂ ਕੀਤੇ ਹੋਰ ਕੰਮਾਂ ਵੀ ਸ਼ਲਾਘਾ ਕੀਤੀ ਹੈ। ਟੀਮ ਨੇ ਕਿਹਾ ਕਿ ਸੂਬੇ ਵਿੱਚ ਵੱਧ ਤੋਂ ਵੱਧ ਜਣੇਪੇ ਹੋ ਰਹੇ ਹਨ ਅਤੇ ਸਾਰੀਆਂ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤਾਂ ਨੂੰ ਮਿਆਰੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਆਮ ਆਦਮੀ ਕਲੀਨਿਕਾਂ ਵਿੱਚ ਵੱਖ-ਵੱਖ ਲੈਬ ਟੈਸਟ ਅਤੇ ਦਵਾਈਆਂ ਮੁਫ਼ਤ ਉਪਲਬਧ ਹਨ।
ਇਸ ਦੌਰਾਨ ਸਿਹਤ ਸਕੱਤਰ ਪੰਜਾਬ ਅਜੋਏ ਸ਼ਰਮਾ ਅਤੇ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਡਾ: ਅਭਿਨਵ ਤ੍ਰਿਖਾ ਨੇ ਟੀਮ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |
ਦੱਸ ਦੇਈਏ ਕਿ ਪੰਜਾਬ ਵਿੱਚ 75ਵੇਂ ਆਜ਼ਾਦੀ ਦਿਹਾੜੇ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 75 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਸੀ। ਦੱਸ ਦੇਈਏ ਕਿ ਸਾਲ ਦੇ ਅਖ਼ੀਰ ਤੱਕ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਲੀਨਿਕਾਂ ਦੀ ਗਿਣਤੀ 109 ਤੱਕ ਮਿੱਥੀ ਗਈ ਹੈ, ਜਦਕਿ 1 ਜਨਵਰੀ 2023 ਤੱਕ 400 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਟੀਚਾ ਹੈ।