ਕੇਂਦਰ ਸਰਕਾਰ ਨੇ ਜਮਹੂਰੀਅਤ ਦਾ ਘਾਣ ਕਰਕੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ: CM ਮਾਨ

Rajneet Kaur
2 Min Read

ਸੁਨਾਮ: ਪੰਜਾਬ ਦੇ CM ਮਾਨ ਨੇ ਅੱਜ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ  ਹਨ।  ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਯਾਦਗਾਰ ਉਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਨਾਲ ਸਗੋਂ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੀ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਨੇ ਇਨ੍ਹਾਂ ਮਹਾਨ ਸਪੂਤਾਂ ਦਾ ਸਨਮਾਨ ਕਰਨ ਦੀ ਕਦੇ ਵੀ ਪ੍ਰਵਾਹ ਨਹੀਂ ਕੀਤੀ।

CM ਮਾਨ ਨੇ ਕਿਹਾ ਕਿ ਉਲਟਾ ਮੌਜੂਦਾ ਕੇਂਦਰ ਸਰਕਾਰ ਮੁਲਕ ਵਿੱਚ ਜਮਹੂਰੀਅਤ ਦਾ ਘਾਣ ਕਰਕੇ ਇਨ੍ਹਾਂ ਸ਼ਹੀਦਾਂ ਦੀ ਵਿਰਾਸਤ ਨੂੰ ਢਾਹ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਤਨਪ੍ਰਸਤਾਂ ਨੇ ਦੇਸ਼ ਦੀ ਆਜ਼ਾਦੀ ਅਤੇ ਜਮਹੂਰੀਅਤ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਆਰਡੀਨੈਂਸਾਂ ਰਾਹੀਂ ਜਮਹੂਰੀ ਪ੍ਰਣਾਲੀ ਨੂੰ ਖ਼ਤਰੇ ਵਿਚ ਪਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਦੇਸ਼ ਭਗਤਾਂ ਵੱਲੋਂ ਦੇਸ਼ ਲਈ ਲਏ ਸੁਪਨਿਆਂ ਦੇ ਬਿਲਕੁਲ ਉਲਟ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਦੀ ਰਹੇਗੀ ਅਤੇ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਦੇਸ਼ ਵਾਸੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਹੋਣ ਵਿੱਚ ਮਦਦ ਕੀਤੀ।

Share this Article
Leave a comment