ਕੇਂਦਰ ਸਰਕਾਰ ਨੇ ਮੌਜੂਦਾ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦਿਆਂ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਕੀਤਾ ਇਨਕਾਰ

Global Team
3 Min Read

ਚੰਡੀਗੜ੍ਹ: ਕੇਂਦਰ ਸਰਕਾਰ ਨੇ ਮੌਜੂਦਾ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦਿਆਂ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਸਿੱਖ ਧਾਰਮਿਕ ਸਮੂਹਾਂ ਵੱਲੋਂ ਪੱਤਰ ਪ੍ਰਾਪਤ ਹੋਏ ਹਨ, ਪਰ ਸੁਰੱਖਿਆ ਹਾਲਤਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣ ਲਈ ਮਜਬੂਰ ਕੀਤਾ ਹੋਇਆ ਹੈ।

ਮੰਤਰਾਲੇ ਨੇ ਕਿਹਾ ਕਿ ਸਰਕਾਰ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ, ਪਰ ਸਰਹੱਦ ਨਾਲ ਜੁੜੇ ਮੌਜੂਦਾ ਸੁਰੱਖਿਆ ਹਾਲਾਤਾਂ ਨੂੰ ਦੇਖਦੇ ਹੋਏ ਲਾਂਘਾ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਜਦੋਂ ਹਾਲਾਤ ਅਨੁਕੂਲ ਹੋਣਗੇ ਤਾਂ ਇਸ ਮਾਮਲੇ ਦੀ ਦੁਬਾਰਾ ਸਮੀਖਿਆ ਕੀਤੀ ਜਾ ਸਕਦੀ ਹੈ।

ਇਹ ਮਾਮਲਾ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਵੀ ਉੱਠਿਆ ਸੀ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਸਰਕਾਰ ਤੋਂ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਸੀ। ਇਸ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਨੇ ਲਿਖਤੀ ਰੂਪ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਕਿ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਮੌਜੂਦਾ ਹਾਲਾਤਾਂ ਵਿੱਚ ਲਾਂਘਾ ਖੋਲ੍ਹਣਾ ਸੰਭਵ ਨਹੀਂ ਹੈ।

ਇਤਿਹਾਸ ਅਤੇ ਲਾਂਘੇ ਦੇ ਬੰਦ ਹੋਣ ਦਾ ਪਿਛੋਕੜ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਇੱਥੇ ਬਿਤਾਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਇਹ ਪਵਿੱਤਰ ਲਾਂਘਾ ਦੋਵੇਂ ਮੁਲਕਾਂ ਨੇ ਇੱਕ ਸਮਝੌਤੇ ਤਹਿਤ ਖੋਲ੍ਹਿਆ ਸੀ। ਜਦੋਂ ਕਰੋਨਾ ਮਹਾਂਮਾਰੀ ਚੱਲ ਰਹੀ ਸੀ ਤਾਂ ਉਸ ਵਕਤ ਅਸਥਾਈ ਤੌਰ ’ਤੇ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਅਤੇ ਮੁੜ 17 ਨਵੰਬਰ 2021 ਨੂੰ ਲਾਂਘਾ ਖੋਲ੍ਹ ਦਿੱਤਾ ਗਿਆ ਸੀ। ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਮਗਰੋਂ ਭਾਰਤ-ਪਾਕਿਸਤਾਨ ਦਰਮਿਆਨ ਸਰਹੱਦੀ ਤਣਾਅ ਵਧ ਗਿਆ ਸੀ। ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਸਥਾਈ ਤੌਰ ’ਤੇ ਪਵਿੱਤਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਅਤੇ ਹਾਲੇ ਤੱਕ ਇਹ ਲਾਂਘਾ ਮੁੜ ਖੁੱਲ੍ਹਿਆ ਨਹੀਂ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment