ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਕੌਮੀ ਆਫਤਨ ਮੁਆਵਜ਼ੇ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦੇ ਸੰਕਰਮਿਤ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਸੂਬੇ ਨੂੰ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ-19 ਕੌਮੀ ਆਫਤ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਕੋਲ ਅਪ੍ਰੈਲ ਮਹੀਨੇ ਵਾਸਤੇ 3000 ਕਰੋੜ ਰੁਪਏ ਦੇ ਅੰਤਰਿਮ ਮੁਆਵਜ਼ੇ ਦੀ ਮੰਗ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਕੋਲ ਬਕਾਇਆ ਪਈ ਜੀ.ਐੱਸ.ਟੀ.  4400 ਕਰੋੜ ਰੁਪਏ ਦੀ ਰਾਸ਼ੀ ਨੂੰ ਤੁਰੰਤ ਜਾਰੀ ਕੀਤਾ ਜਾਵੇ ਤਾਂ ਜੋ ਸੂਬੇ ਨੂੰ ਸਰੋਤਾਂ ਵਿੱਚ ਆਈ ਰੁਕਾਵਟ ਨੂੰ ਦੂਰ ਕਰਨ ਵਿੱਚ ਮੱਦਦ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅੰਤਰਿਮ ਰਾਹਤ ਤੁਰੰਤ ਜਾਰੀ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਸੂਬਾ ਕੋਵਿਡ-19 ਵਿਰੁੱਧ ਮਜ਼ਬੂਤੀ ਨਾਲ ਜੰਗ ਲੜ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਸ.ਜੀ.ਐਸ.ਟੀ., ਆਈ.ਜੀ.ਐਸ.ਟੀ., ਵੈਟ, ਆਬਕਾਰੀ, ਸਟੈਂਪ ਡਿਊਟੀ ਅਤੇ ਮੋਟਰ ਵਹੀਕਲ ਟੈਕਸਾਂ ਦੇ ਰੂਪ ਵਿੱਚ ਮਾਲੀਆ ਪ੍ਰਾਪਤੀਅ ਨਿਗੂਣੀਆਂ ਹਨ ਅਤੇ ਬਿਜਲੀ ਦੀ ਖਪਤ ਵਿੱਚ ਕਮੀ ਆਉਣ ਨਾਲ ਅਪਰੈਲ, 2020 ਦੌਰਾਨ ਬਿਜਲੀ ਡਿਊਟੀ ਦੇ ਅਨੁਮਾਨਿਤ ਮਾਲੀਏ ਵਿੱਚ ਵੀ 60 ਫੀਸਦੀ ਗਿਰਾਵਟ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਦਸੰਬਰ 2019 ਤੋਂ ਲੈ ਕੇ ਮਾਰਚ 2020 ਤੱਕ ਬੀਤੇ ਚਾਰ ਮਹੀਨਿਆਂ ਦਾ ਸੂਬੇ ਦਾ ਲਗਪਗ 4400 ਕਰੋੜ ਰੁਪਏ ਦਾ ਜੀ.ਐਸ.ਟੀ. ਮੁਆਵਜ਼ਾ ਵੀ ਕੇਂਦਰ ਸਰਕਾਰ ਵੱਲ ਬਕਾਇਆ ਖੜ੍ਹਾਂ ਹੈ।

ਸੂਬੇ ਦੀ ਨਾਜ਼ੁਕ ਵਿੱਤੀ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੜਾਅਵਾਰ ਢੰਗ ਨਾਲ ਸ਼ਰਾਬ ਦੀ ਵਿਕਰੀ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਤਾਂ ਕਿ ਵੈਟ ਅਤੇ ਆਬਕਾਰੀ ਮਾਲੀਆ ਜੁਟਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਕੋਵਿਡ-19 ‘ਤੇ ਕਾਬੂ ਪਾਉਣ ਲਈ ਰਾਹਤ ਕਾਰਜਾਂ ਅਤੇ ਸਿਹਤ ਸੰਭਾਲ ਕਦਮਾਂ ਵਿੱਚ ਹੋਰ ਤੇਜ਼ੀ ਲਿਆਉਣ ਵਿਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਬਾਰੇ ਛੇਤੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Share This Article
Leave a Comment