ਚੰਡੀਗੜ੍ਹ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮੂਹ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ’ਚ ਸੰਗਤਾਂ ਨੇ ਹੁੰਮ ਹੁੰਮਾ ਕੇ ਹਾਜਰੀ ਲਵਾਈ। ਇਸ ਦੌਰਾਨ ਸੰਗਤਾਂ ਲਈ ਥਾਂ-ਥਾਂ ’ਤੇ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਸਥਾਨਕ ਜਗਜੀਵਨ ਰਾਮ ਚੌਕ ਤੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਤੇ ਇਸ ਬਾਣੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਵੱਲੋਂ ਦਿਖਾਏ ਗਏ ਰਸਤੇ ’ਤੇ ਚੱਲਦਿਆਂ ਸੂਬਾ ਸਰਕਾਰ ਬਰਾਬਰੀ ਵਾਲੇ ਸਮਾਜ ਦੀ ਉਸਾਰੀ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਤੇ ਡਾ. ਬੀਆਰ ਅੰਬੇਡਕਰ ਵੱਲੋਂ ਦਰਸਾਏ ਬਰਾਬਰੀ ਦੇ ਮਾਰਗ ਅਨੁਸਾਰ ਸੂਬਾ ਸਰਕਾਰ ਸਿੱਖਿਆ ਤੇ ਸਿਹਤ ਖੇਤਰਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ।
ਗੁਰੂ ਰਵਿਦਾਸ ਜੀ ਮਹਾਰਾਜ…ਜਿਨ੍ਹਾਂ ਸਾਰੀ ਉਮਰ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ…ਪਰਮਾਤਮਾ ਦੀ ਭਜਨ-ਬੰਦਗੀ ਕਰਦਿਆਂ ਵਾਕ ਤੇ ਰਾਗ ਉਚਾਰੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ‘ਚ ਵੀ ਦਰਜ ਨੇ…ਬਰਾਬਰਤਾ ਦਾ ਹੋਕਾ ਦਿੱਤਾ…
ਅੱਜ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/EH5vMZq6bO
— Bhagwant Mann (@BhagwantMann) February 5, 2023
ਦੱਸ ਦਈਏ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਕਾਸ਼ੀ (ਬਨਾਰਸ) ਵਿੱਚ ਹੋਇਆ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਉਸ ਵੇਲੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਉਚ-ਨੀਚ, ਛੂਤ-ਛਾਤ, ਭੇਖਾਂ-ਪਖੰਡਾਂ, ਨਾ-ਬਰਾਬਰੀ ਦਾ ਜ਼ੋਰਦਾਰ ਖੰਡਨ ਕੀਤਾ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੁਆਰਾ ਰਚਿਤ ਬਾਣੀ ਦੇ 40 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 16 ਰਾਗਾਂ ਵਿੱਚ ਦਰਜ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.