ਜਿਸ ਦੇਸ਼ ਅੰਦਰ ਵਿਦਿਆਰਥੀਆ ‘ਤੇ ਹਮਲੇ ਹੋਣ ਲੱਗ ਜਾਣ ਇਸ ਤੋਂ ਮੰਦਭਾਗੀ ਗੱਲ ਹੋਰ ਕੋਈ ਨਹੀਂ ਹੋ ਸਕਦੀ : ਗਿਆਨੀ ਹਰਪ੍ਰੀਤ ਸਿੰਘ

TeamGlobalPunjab
3 Min Read

ਅੰਮ੍ਰਿਤਸਰ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਅੰਦਰ ਵਿਦਿਆਰਥੀਆਂ ‘ਤੇ ਹੋਏ ਹਮਲੇ ਦੀ ਅੱਜ ਲਗਭਗ ਹਰ ਪਾਸੇ ਨਿੰਦਾ ਹੋ ਰਹੀ ਹੈ। ਇਸ ਨੂੰ ਲੈ ਕੇ  ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ ਹੈ।  ਉਨ੍ਹਾਂ ਦਾ ਕਹਿਣਾ ਹੈ ਕਿ ਪੜ੍ਹਨ ਵਾਲੇ ਵਿਦਿਆਰਥੀਆਂ ਨਾਲ ਅਜਿਹੀਆਂ ਵਧੀਕੀਆਂ ਨਹੀਂ ਹੋਣੀਆਂ ਚਾਹੀਦੀਆਂ। ਗਿਆਨੀ ਹੁਰਾਂ ਨੇ ਕਿਹਾ ਕਿ ਉਹ ਚਾਹੇ ਕੋਈ ਵੀ ਯੂਨੀਵਰਸਿਟੀ ਹੋਵੇ ਪਰ ਅਜਿਹੀਆਂ ਘਟਨਾਵਾਂ ਦਾ ਵਾਪਰਨਾਂ ਬੜੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਚੇਤੰਨ ਹੁੰਦੇ ਹਨ ਅਤੇ ਜਿੱਥੇ ਕਿਤੇ ਵੀ ਉਨ੍ਹਾਂ ਨੂੰ ਲਗਦਾ ਹੈ ਕਿ ਇਹ ਗਲਤ ਹੋ ਰਿਹਾ ਹੈ ਉਹ ਇਸ ਦਾ ਵਿਰੋਧ ਕਰਦੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨੌਜਵਾਨ ਵਿਦਿਆਰਥੀਆਂ ਦੀ ਗੱਲ ਨੂੰ ਰੋਹਬ ਨਾਲ ਦਬਾਉਣ ਦੀ ਬਜਾਏ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਮੁਲਕ ਅੰਦਰ ਪੜ੍ਹਨ ਵਾਲੇ ਵਿਦਿਆਰਥੀਆਂ ‘ਤੇ ਹਮਲੇ ਹੋਣ ਲੱਗ ਜਾਣ ਇਸ ਤੋਂ ਮਾੜੀ ਗੱਲ ਹੋਰ ਕੋਈ ਹੋ ਹੀ ਨਹੀਂ ਸਕਦੀ। ਦੱਸਣਯੋਗ ਇਹ ਵੀ ਹੈ ਕਿ ਇਸ ਸਬੰਧੀ ਵਿਦਿਆਰਥੀਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਯੂਨੀਵਰਸਿਟੀ ਅੰਦਰ ਵੀ ਪ੍ਰਦਰਸ਼ਨ ਕੀਤਾ ਗਿਆ।

ਦੱਸ ਦਈਏ ਕਿ ਬੀਤੀ ਕੱਲ੍ਹ ਨਕਾਬਪੋਸ਼ ਵਿਅਕਤੀਆਂ ਨੇ ਆ ਕੇ ਕੈਂਪਸ ਅੰਦਰ ਵਿਦਿਆਰਥੀਆਂ ਅਤੇ ਅਧਿਆਪਕਾਂ ਉੱਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਮੌਕੇ ਦੇ ਗਵਾਹਾਂ ਨੇ ਦੱਸਿਆ ਕਿ ਸ਼ਾਮ ਲਗਭਗ 6 : 30 ਵਜੇ ਲਗਭਗ 50 ਗੁੰਡੇ ਜੇਐੱਨਯੂ ਕੈਂਪਸ ਵਿੱਚ ਵਿੱਚ ਦਾਖਲ ਹੋਏ ਅਤੇ ਵਿਦਿਆਰਥੀਆਂ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕੈਂਪਸ ਵਿੱਚ ਮੌਜੂਦ ਕਾਰਾਂ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਹੋਸਟਲ ਵਿੱਚ ਵੀ ਭੰਨ ਤੋੜ ਕੀਤੀ। ਜੇਐੱਨਯੂ ਦੇ ਇੱਕ ਪ੍ਰੋਫੈਸਰ ਨੇ ਦੱਸਿਆ ਕਿ ਹਮਲਾਵਰਾਂ ਨੇ ਹੋਸਟਲ ਉੱਤੇ ਪੱਥਰਬਾਜੀ ਕੀਤੀ ਅਤੇ ਯੂਨੀਵਰਸਿਟੀ ਦੀ ਜ਼ਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ।

ਇੱਥੇ ਹੀ ਬੱਸ ਨਹੀਂ 20 ਵਿਦਿਆਰਥੀਆਂ ਨੂੰ ਏਮਸ ਵਿੱਚ ਭਰਤੀ ਕਰਾਇਆ ਗਿਆ ਹੈ , ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਥੇ ਹੀ, ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਨੇ ਦੱਸਿਆ ਕਿ ਚਿਹਰੇ ਉੱਤੇ ਨਕਾਬ ਪਾਏ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕੀਤਾ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਹਮਲੇ ਵਿੱਚ ਉਨ੍ਹਾਂ ਦੇ ਸਿਰ ਉੱਤੇ ਡੂੰਘੀ ਸੱਟ ਲੱਗੀ ਹੈ।

- Advertisement -

Share this Article
Leave a comment