Breaking News

ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣੀਆਂ ਮੰਗਾਂ ਸਬੰਧੀ ਰਾਜਪਾਲ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਦੇਸ਼ ਭਰ ਦੇ ਕਿਸਾਨ  ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਤੈਅ ਪ੍ਰੋਗਰਾਮ ਮੁਤਾਬਕ ਦਿੱਤੇ ਦੇਸ਼ ਵਿਆਪੀ ਸੱਦੇ ਤਹਿਤ ਪੰਜਾਬ ਦੇ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ।  ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਇਸ ਮਾਰਚ ਤੋਂ ਪਹਿਲਾ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੇ ਸਾਹਮਣੇ ਮੈਦਾਨ ਵਿੱਚ 11.30 ਵਜੇ ਤੋਂ 2.30 ਵਜੇ ਤੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਤੋਂ ਬਾਅਦ ਰਾਜ ਭਵਨ ਵੱਲ ਮਾਰਚ ਕਰ ਕੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

ਪੰਜਾਬ ਦੀਆਂ ਦਰਜਨਾਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਇਕੱਠ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਝੰਡੇ ਥੱਲੇ ਵੱਡੀ ਗਿਣਤੀ ਵਿੱਚ ਕਿਸਾਨ ਮੋਹਾਲੀ ਅੰਬ ਸਾਹਿਬ ਗੁਰਦੁਆਰੇ ਵਿੱਚ ਇਕੱਠੀਆਂ ਹੋ ਰਹੀਆਂ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਅੰਤ ‘ਚ ਕਿਸਾਨਾਂ ਨਾਲ ਵਾਅਦੇ ਕੀਤੇ ਹਨ ,ਜੋ ਪੂਰੇ ਨਹੀਂ ਕੀਤੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਖਿਲਾਫ ਦਰਜ ਕੇਸ ਵੀ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਲਖਮੀਪੁਰ ਖੀਰੀ ਦੀ ਦਰਦਨਾਕ ਘਟਨਾ ਦਾ ਕੋਈ ਇਨਸਾਫ਼ ਮਿਲਿਆ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

ਇੱਕ ਸਾਲ ਤੋਂ ਵੱਧ ਲੜੇ ਗਏ ਦਿੱਲੀ ਕਿਸਾਨ ਮੋਰਚੇ ਰਾਹੀਂ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਸਮੇਂ ਕੇਂਦਰ ਸਰਕਾਰ ਤੋਂ ਲਏ ਲਿਖਤੀ ਵਾਅਦਿਆਂ ਤੋਂ ਭੱਜੀ  ਮੋਦੀ ਸਰਕਾਰ ਵਿਰੁੱਧ ਕਿਸਾਨਾਂ ਅੰਦਰ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਐੱਮ ਐੱਸ ਪੀ ਮਿਲਣ ਦੀ ਕਾਨੂੰਨੀ ਗਰੰਟੀ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਕਤੀ, ਲਖੀਮਪੁਰ ਖੀਰੀ ‘ਚ ਕਿਸਾਨਾਂ ਦੇ ਕਤਲੇਆਮ ਦੇ ਸਾਜਿਸ਼ਕਰਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ, ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ, ਬਿਜਲੀ ਬਿੱਲ 2022 ਦੀ ਵਾਪਸੀ, 60 ਸਾਲ ਤੋਂ ਉੱਪਰ ਔਰਤਾਂ ਸਮੇਤ ਹਰ ਕਿਸਾਨ ਨੂੰ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਸਰਕਾਰੀ ਖਰਚੇ ‘ਤੇ ਫਸਲੀ ਬੀਮਾ ਆਦਿ ਭਖਦੇ ਕਿਸਾਨੀ ਮਸਲਿਆਂ ਦੇ ਪੁਖਤਾ ਹੱਲ ਤੋਂ ਬਿਨਾਂ ਕਿਸਾਨਾਂ ਦੇ ਰੋਹ ਨੂੰ ਸ਼ਾਂਤ ਨਹੀਂ ਕੀਤਾ ਜਾ ਸਕਦਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Check Also

ਆਪ’ ਨੇ ਵਿਧਾਨ ਸਭਾ ਸਟਿੱਕਰਾਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ: ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ …

Leave a Reply

Your email address will not be published. Required fields are marked *