ਸਰਕਾਰ ਆਪਣੇ ਹੱਕਾਂ ਦੀ ਮੰਗ ਕਰਨ ਵਾਲੇ ਕਿਸਾਨਾਂ ’ਤੇ ਚਲਾ ਰਹੀ ਹੈ ਗੋਲੀਆਂ : ਗਿਆਨੀ ਰਘਬੀਰ ਸਿੰਘ

Rajneet Kaur
3 Min Read

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਕੋਲ ਕਿਸਾਨਾਂ ਉੱਤੇ ਪੁਲਿਸ ਦੁਆਰਾ ਚਲਾਈਆਂ ਗਈਆਂ ਸਿੱਧੀਆਂ ਗੋਲੀਆਂ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਇਸ ਸਮੁੱਚੀ ਘਟਨਾ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਵਿੱਚ ਭਾਰਤੀਆਂ ’ਤੇ ਅੰਗਰੇਜ਼ਾਂ ਵੱਲੋਂ ਕੀਤੇ ਅੱਤਿਆਚਾਰ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਦੇਸ਼ ਵਿੱਚ ਵਾਪਰ ਰਹੀ ਇਹ ਘਟਨਾ ਨਿੰਦਣਯੋਗ ਹੈ।

ਉਨ੍ਹਾਂ ਆਖਿਆ ਕਿ ਇਹ ਕਿਸਾਨ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਹਨ, ਨਾ ਕਿ ਕਿਸੇ ਦੁਸ਼ਮਣ ਦੇਸ਼ ਦੇ ਘੁਸਪੈਠੀਏ, ਜਿਨ੍ਹਾਂ ਵੱਲ ਸਰਕਾਰ ਸਿੱਧੀਆਂ ਗੋਲੀਆਂ ਚਲਾ ਕੇ ਉਨ੍ਹਾਂ ਦੀਆਂ ਛਾਤੀਆਂ ਅਤੇ ਸਿਰ ਵਿੰਨ੍ਹ ਰਹੀ ਹੈ। ਉਨ੍ਹਾਂ ਨੂੰ ਆਪਣੇ ਜਮਹੂਰੀ ਅਧਿਕਾਰ ਤਹਿਤ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਤੋਂ ਰੋਕਣ ਵਾਸਤੇ ਸਰਕਾਰ ਵਲੋਂ ਵਰਤੇ ਹਥਕੰਡੇ ਕਿਸੇ ਵੀ ਤਰ੍ਹਾਂ ਜੱਲ੍ਹਿਆਂਵਾਲੇ ਬਾਗ ‘ਚ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ ਨਾਲ ਕੀਤੇ ਜ਼ੁਲਮ ਤੋਂ ਘੱਟ ਨਹੀਂ ਹਨ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ਦੇ ਲੋਕਾਂ ਦਾ ਨਾਅਰਾ ਰਿਹਾ ਹੈ, ਜੈ ਜਵਾਨ, ਜੈ ਕਿਸਾਨ। ਕਿਉਂਕਿ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਾ ਹੈ ਅਤੇ ਕਿਸਾਨ ਖੇਤਾਂ ਵਿੱਚ ਅਨਾਜ ਉਗਾ ਕੇ ਦੇਸ਼ ਦਾ ਪੇਟ ਪਾਲਦਾ ਹੈ। ਪਰ ਦੁੱਖ ਦੀ ਗੱਲ ਹੈ ਕਿ ਅੱਜ ਸਾਡੇ ਫੌਜੀ ਸਰਹੱਦਾਂ ਦੀ ਰਾਖੀ ਕਰਦੇ ਹੋਏ ਗੋਲੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਸਾਡੀ ਹੀ ਸਰਕਾਰ ਆਪਣੇ ਹੱਕਾਂ ਦੀ ਮੰਗ ਕਰਨ ਵਾਲੇ ਕਿਸਾਨਾਂ ’ਤੇ ਗੋਲੀਆਂ ਚਲਾ ਰਹੀ ਹੈ। ਇਹ ਇੱਕ ਲੋਕਤੰਤਰੀ ਦੇਸ਼ ਲਈ ਅਤਿ ਨਿੰਦਣਯੋਗ ਹੈ। ਅਜਿਹੀ ਪਹੁੰਚ ਦੇਸ਼ ਦੇ ਭਵਿੱਖ ਲਈ ਚੰਗੀ ਨਹੀਂ ਹੈ।

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਕੋਲੋਂ ਆਪਣੀਆਂ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਹੱਕ ਮੰਗ ਕਰ ਰਹੇ ਹਨ ਪਰ ਸਰਕਾਰ ਆਪਣੇ ਕੰਨ੍ਹ ਤੇ ਅੱਖਾਂ ਬੰਦ ਕਰੀ ਬੈਠੀ ਹੈ। ਜਿਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਨਹੀਂ ਕਰਨਾ ਚਾਹੁੰਦੀ। ਉਸ ਦੀ ਨੀਅਤ ਖਰਾਬ ਹੈ। ਜੇਕਰ ਸਰਕਾਰ ਸੰਜੀਦਾ ਹੁੰਦੀ ਤਾਂ ਮਸਲੇ ਦੇ ਹੱਲ ਲਈ ਗੱਲਬਾਤ ਹੁੰਦੀ, ਗੋਲੀਬਾਰੀ ਨਾ ਕੀਤੀ ਜਾਂਦੀ। ਕਿਸੇ ਵੀ ਮਸਲੇ ਦੇ ਹੱਲ ਲਈ ਪਹਿਲਾਂ ਸਾਜਗਾਰ ਮਾਹੌਲ ਬਣਾਇਆ ਜਾਂਦਾ ਹੈ। ਮਾਹੌਲ ਤਦ ਬਣ ਸਕਦਾ ਜੇਕਰ ਪੰਜਾਬ-ਹਰਿਆਣਾ ਦੀ ਹੱਦ ਤੋਂ ਬੈਰੀਕੇਡ ਹਟਾਏ ਜਾਂਦੇ। ਕਿਸਾਨਾਂ ਵੱਲ ਨੂੰ ਮੂੰਹ ਕਰਕੇ ਸ਼ਾਰਪ ਸੂਟਰ ਨਾ ਤਾਇਨਾਤ ਕੀਤੇ ਜਾਂਦੇ। ਕਿਸਾਨਾਂ ‘ਤੇ ਡਾਂਗਾਂ, ਗੋਲੀਆਂ, ਅੱਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਤੋਪਾਂ ਨਾ ਛੱਡੀਆਂ ਜਾਂਦੀਆਂ।

- Advertisement -

Share this Article
Leave a comment