ਸ੍ਰੀ ਅਕਾਲ ਤਖ਼ਤ ਦੇ ਸੁਝਾਵਾਂ ‘ਤੇ ਵਿਚਾਰ ਕਰੇਗੀ ਸਰਕਾਰ: ਸਪੀਕਰ ਸੰਧਵਾਂ

Global Team
2 Min Read

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਸਾਹਿਬ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਮੀਟਿੰਗ ਨੂੰ ਸਾਰਥਕ ਕਰਾਰ ਦਿੱਤਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਰਾਮਦਾਸ ਪਾਤਸ਼ਾਹ ਦੀ ਕਿਰਪਾ ਨਾਲ ਉਨ੍ਹਾਂ ਨੂੰ ਦਰਬਾਰ ਸਾਹਿਬ ਵਿਖੇ ਅਰਦਾਸ ਕਰਨ ਦਾ ਮੌਕਾ ਮਿਲਿਆ। ਇਸ ਤੋਂ ਪਹਿਲਾਂ ਜਥੇਦਾਰ ਸਾਹਿਬ ਦੇ ਸੱਦੇ ‘ਤੇ ਉਹ ਤੇ ਆਮ ਆਦਮੀ ਪਾਰਟੀ ਦੇ ਮੰਤਰੀ ਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਰਤਾ ਨਾਲ ਪੇਸ਼ ਹੋਏ।

ਉਨ੍ਹਾਂ ਦੱਸਿਆ ਕਿ ਜਥੇਦਾਰ ਸਾਹਿਬ ਨਾਲ ਲੰਬੀ ਤੇ ਸਾਰਥਕ ਵਿਚਾਰ-ਚਰਚਾ ਹੋਈ ਹੈ ਤੇ ਸਰਕਾਰ ਇਸ ਦੌਰਾਨ ਸਾਹਮਣੇ ਆਏ ਸੁਝਾਵਾਂ ‘ਤੇ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਨੂੰ ਧਿਆਨ ‘ਚ ਰੱਖਦਿਆਂ ਮੀਟਿੰਗ ਦੇ ਵੇਰਵਿਆਂ ਨੂੰ ਜਨਤਕ ਕਰਨਾ ਉਚਿਤ ਨਹੀਂ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਨਯੋਗ ਜਥੇਦਾਰ ਸਾਹਿਬ ਨੇ ਸਾਰੇ ਵਿਧਾਇਕਾਂ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੁਝ ਸੋਧਾਂ (ਅਮੈਂਡਮੈਂਟਸ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਹੀਂ ਭੇਜੀਆਂ ਜਾਣਗੀਆਂ। ਜਿਵੇਂ ਹੀ ਇਹ ਸੋਧਾਂ ਪ੍ਰਾਪਤ ਹੋਣਗੀਆਂ, ਸਰਕਾਰ ਤੇ ਵਿਧਾਇਕ ਉਨ੍ਹਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨਗੇ ਤੇ ਇੱਕ ਮਹੀਨੇ ਦੇ ਅੰਦਰ ਆਪਣਾ ਫ਼ੈਸਲਾ ਲੈਣਗੇ।

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ), ਐਕਟ 2026 ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਸਾਰੇ ਮੰਤਰੀਆਂ ਦੇ ਵਿਧਾਇਕਾਂ ਤੋਂ ਕਾਨੂੰਨ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਤੇ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਭਾਵਨਾਵਾਂ ਅਨੁਸਾਰ ਐਕਟ ਨੂੰ ਮੁੜ ਸੋਧਣ ਲਈ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment