ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਭੇਜਿਆ ਨੋਟਿਸ

navdeep kaur
3 Min Read

ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਹਾਈ ਕੋਰਟ ਵਿੱਚ ਪਾਈ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ। ਸਿੱਧੂ ਨੇ ਆਪਣੀ Z+ ਸਕਿਓਰਿਟੀ ਨੂੰ ਮੁੜ ਬਹਾਲ ਕਰਵਾਉਣ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਅੱਜ ਸੁਣਵਾਈ ਹੋਈ ਹੈ।

ਦੱਸ ਦਿੰਦੇ ਹਾਂ ਕਿ ਸੁਣਵਾਈ ਦੌਰਾਨ ਅਦਾਲਤ ਵੱਲੋਂ ਪੰਜਾਬ ਸਰਕਾਰ ਦੇ ਵਕੀਲ ਨੂੰ ਸਵਾਲ ਕੀਤਾ ਕਿ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਉਨ੍ਹਾਂ ਦੀ ਸੁਰੱਖਿਆ ਘਟਾਉਣ ਦਾ ਕੀ ਆਧਾਰ ਸੀ? ਕੀ ਰਾਜ ਅਤੇ ਕੇਂਦਰੀ ਏਜੰਸੀਆਂ ਤੋਂ ਇਨਪੁਟ ਆਇਆ ਸੀ, ਕੀ ਨਵਜੋਤ ਸਿੱਧੂ ਨਾਲ ਗੱਲ ਕੀਤੀ ਗਈ ਕਿ ਉਹਨਾਂ ਨੂੰ ਕਿਸ ਤਰ੍ਹਾਂ ਦਾ ਖਤਰਾ ਹੈ?

ਇਸ ‘ਤੇ ਪੰਜਾਬ ਸਰਕਾਰ ਦੇ ਵਕੀਲ ਨੇ ਜਵਾਬ ਦਿੱਤਾ ਕਿ ਉਹ ਇਸ ਸੰਬੰਧ ਵਿੱਚ ਸਟੇਟਸ ਰਿਪੋਰਟ ਦਾਇਰ ਕਰਨਗੇ। ਸਿੱਧੂ ਦੇ ਵਕੀਲ ਮਨਜੀਤ ਖਹਿਰਾ ਨੇ ਕਿਹਾ ਕਿ ਸਰਕਾਰ ਨੇ ਖੁਦ ਕਿਹਾ ਸੀ ਕਿ ਸਿੱਧੂ ਨੂੰ ਖਤਰਾ ਹੈ ਪਰ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਅਚਾਨਕ ਸੁਰੱਖਿਆ ਘਟਾ ਦਿੱਤੀ ਗਈ। ਵਕੀਲ ਨੇ ਕਿਹਾ ਕਿ ਅਸੀਂ ਪਟੀਸ਼ਨ ‘ਚ ਲਾਰੈਂਸ ਬਿਸ਼ਨੋਈ ਦਾ ਵੀ ਜ਼ਿਕਰ ਕੀਤਾ ਹੈ। ਬਿਸ਼ਨੋਈ ਨੇ ਆਪਣੇ ਇੱਕ ਇੰਟਰਵਿਊ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਨਵਜੋਤ ਸਿੱਧੂ ਦਾ ਨਾਂ ਲਿਆ ਸੀ। ਸਰਕਾਰ ਨੇ ਰਾਜਾ ਵੜਿੰਗ ਦੀ ਸੁਰੱਖਿਆ ਵਧਾ ਦਿੱਤੀ ਹੈ ਜਦਕਿ ਸਿੱਧੂ ਦੀ ਸੁਰੱਖਿਆ ਘਟਾ ਦਿੱਤੀ ਹੈ। ਸਿੱਧੂ ਦੇ ਵਕੀਲ ਵੱਲੋਂ ਪਾਈ ਗਈ ਪਟੀਸ਼ਨ ‘ਚ ਸਿੱਧੂ ਦੇ ਪਟਿਆਲਾ ਸਥਿਤ ਘਰ ‘ਚ ਕਿਸੇ ਅਣਪਛਾਤੇ ਵਿਅਕਤੀ ਦੇ ਦਾਖਲ ਹੋਣ ਦੀ ਖ਼ਬਰ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਦੱਸ ਦਈਏ ਕਿ ਇਸੇ ਮਹੀਨੇ ਜਦੋਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਆਪਣੀ ਬਣਦੀ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆਏ ਸੀ ਤਾਂ ਉਹਨਾਂ ਦੀ Z+ ਸੁਰੱਖਿਆ ਨੂੰ ਘਟਾ ਕੇ Y+ ਸੁਰੱਖਿਆ ਕਰ ਦਿੱਤੀ ਗਈ ਹੈ । ਦੱਸਣਯੋਗ ਹੈ ਕਿ ਸਿੱਧੂ ਦੇ ਜੇਲ ਤੋਂ ਬਾਹਰ ਆਉਣ ਤੋਂ ਕੁਝ ਦਿਨ ਬਾਅਦ ਹੀ ਇਕ ਅਣਪਛਾਤੇ ਸ਼ੱਕੀ ਵਿਅਕਤੀ ਨੂੰ ਉਨ੍ਹਾਂ ਦੇ ਘਰ ਦੀ ਛੱਤ ‘ਤੇ ਦੇਖਿਆ ਗਿਆ ਸੀ। ਇਸ ਮਾਮਲੇ ਵਿੱਚ ਪਟਿਆਲਾ ਪੁਲੀਸ ਨੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਹੈ। ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਅਤੇ ਅਜਿਹੇ ‘ਚ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਨੂੰ ਘੱਟ ਦੱਸਿਆ ਹੈ।
ਇਸ ‘ਤੇ ਸਿੱਧੂ ਨੇ ਉਨ੍ਹਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਆਧਾਰ ‘ਤੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਆਪਣੀ ਜਾਨ ਨੂੰ ਖਤਰਾ ਜ਼ਾਹਰ ਕਰਦਿਆਂ ਸਿੱਧੂ ਨੇ ਦਾਇਰ ਪਟੀਸ਼ਨ ‘ਚ ਆਪਣੀ ਸੁਰੱਖਿਆ Y ਤੋਂ ਵਧਾ ਕੇ ਜ਼ੈੱਡ ਪਲੱਸ ਕਰਨ ਦੀ ਮੰਗ ਕੀਤੀ ਹੈ।ਨਵਜੋਤ ਸਿੰਘ ਸਿੱਧੂ ਨੇ ਅਦਾਲਤ ‘ਚ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates

Share This Article
Leave a Comment